• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ “ਰੈੱਡ ਐਂਟਰੀ”ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 23/10/2019
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਵੱਲੋਂ 8000 ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਫਸਰ- ਪ੍ਰਿੰਸੀਪਲ ਸੈਕਟਰੀ 
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ “ਰੈੱਡ ਐਂਟਰੀ”ਡਿਪਟੀ ਕਮਿਸ਼ਨਰ
ਤਰਨ ਤਾਰਨ, 23 ਅਕਤੂਬਰ : 
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮਕਸਦ ਲਈ ਸਰਕਾਰ ਵੱਲੋਂ ਸੂਬੇ ਦੇ 8000 ਪਿੰਡਾਂ ਵਿੱਚ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਸੈਕਟਰੀ ਸ੍ਰੀ ਸਰਬਜੀਤ ਸਿੰਘ ਆਈ. ਏ. ਐੱਸ. ਨੇ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜ਼ਾਇਜਾ ਲੈਣ ਲਈ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। 
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ ਅਤੇ ਐੱਸ. ਡੀ. ਐੱਮ. ਪੱਟੀ ਡਾ. ਅਮਿਤ ਮਹਾਜਨ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿਕ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਨੂੰ ਖੇਤਾਂ ਵਿੱਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਵਾਸਤੇ ਜ਼ਮੀਨੀ ਪੱਧਰ ’ਤੇ ਸਮੁੱਚੀ ਮਸ਼ੀਨਰੀ ਸਰਗਰਮ ਕਰਨ ਨੇ ਨਿਰਦੇਸ਼ ਦਿੱਤੇ ਹੋਏ ਹਨ। ਪਿੰਡਾਂ ਵਿੱਚ ਤਾਇਨਾਤ ਕੀਤੇ ਇਹ ਨੋਡਲ ਅਫ਼ਸਰ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਸਿਹਤ ਨੂੰ ਹੋਣ ਵਾਲੇ ਖਤਰਨਾਕ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ ਅਤੇ ਨਾਲ ਹੀ ਪਰਾਲੀ ਨੂੰ ਅੱਗ ਨਾ ਲੱਗੇ ਇਸ ਲਈ ਸਖਤ ਚੌਕਸੀ ਵਰਤਣਗੇ। 
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ  ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਤਰਨ ਤਾਰਨ ਦੇ 498 ਪਿੰਡਾਂ ਵਿੱਚ ਨੋਡਲ ਅਫ਼ਸਰ ਅਤੇ 75 ਕਲੱਸਟਰ ਅਫ਼ਸਰ ਲਗਾਏ ਗਏ ਹਨ, ਜੋ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖ ਰਹੇ ਹਨ।ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਨੋਡਲ ਅਫ਼ਸਰ ਪਿੰਡ ਵਿੱਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਜਿੰਨਾਂ ਕਿਸਾਨਾਂ ਨੇ ਵਿਭਾਗ ਤੋਂ ਸਬਸਿਡੀ ‘ਤੇ ਮਸ਼ੀਨਾਂ ਲਈਆਂ ਹਨ, ਪੰਚ, ਸਰਪੰਚ, ਨੰਬਰਦਾਰ, ਸਰਕਾਰੀ ਮੁਲਾਜ਼ਮ ਆਦਿ ਨਾਲ ਰਾਬਤਾ ਕੀਤਾ ਜਾਵੇ।ਉਨਾਂ ਨੇ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਜਮੀਨਾਂ ਠੇਕੇ ‘ਤੇ ਦਿੱਤੀਆਂ ਹਨ ਜੇਕਰ ਉਨਾਂ ਦੀ ਜ਼ਮੀਨ ਵਿਚ ਅੱਗ ਲੱਗੀ ਤਾਂ ਮਾਲਕ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਪੰਚਾਇਤੀ ਜਮੀਨ ਠੇਕੇ ‘ਤੇ ਲੈਣ ਵਾਲਿਆਂ ਨੇ ਵੀ ਜੇ ਅੱਗ ਲਗਾਈ ਤਾਂ ਉਨਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ “ਰੈੱਡ ਐਂਟਰੀ” ਦਰਜ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਅੱਜ 120 ਕੇਸਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਗਾਉਣ ਦੇ 31 ਕੇਸਾਂ ਵਿੱਚ ਐੱਫ਼. ਆਈ. ਆਰ. ਰਜਿਸਟਰਡ ਕਰਨ ਲਈ ਪੁਲਿਸ ਵਿਭਾਗ ਨੂੰ ਲਿਖਿਆ ਗਿਆ ਹੈ ਅਤੇ 4 ਕੇਸਾਂ ਵਿੱਚ ਐੱਫ਼. ਆਈ. ਆਰ. ਰਜਿਸਟਰਡ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਨ ਨਾਲ ਸਾਡੇ ਵਾਤਾਵਰਨ ਨੂੰ ਹੀ ਨੁਕਸਾਨ ਨਹੀਂ ਹੁੰਦਾ ਸਗੋਂ ਇਸ ਨਾਲ ਮਨੁੱਖੀ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਮਿੱਟੀ ਵਿਚ ਮਿਲਾ ਕੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਨੂੰ ਤਰਜੀਹ ਦੇਣੀ ਚਾਹੀਦੀ ਹੈ। 
—————-