ਭਿੱਖੀਵਿੰਡ, ਹਰੀਕੇ ਪੱਤਣ ਅਤੇ ਪੱਟੀ ਵਿਖੇ ਵੀ ਜਲਦੀ ਸ਼ੁਰੂ ਕੀਤੇ ਜਾਣਗੇ ਨਵੇਂ “ਓਟ ਕਲੀਨਿਕ”-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 22/01/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਤਰਨ ਤਾਰਨ ਵਿਖੇ “ਓਟ” ਕਲੀਨਿਕ ਸ਼ੁਰੂ
ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੀਤਾ ਉਦਘਾਟਨ
ਭਿੱਖੀਵਿੰਡ, ਹਰੀਕੇ ਪੱਤਣ ਅਤੇ ਪੱਟੀ ਵਿਖੇ ਵੀ ਜਲਦੀ ਸ਼ੁਰੂ ਕੀਤੇ ਜਾਣਗੇ ਨਵੇਂ “ਓਟ ਕਲੀਨਿਕ”-ਡਿਪਟੀ ਕਮਿਸ਼ਨਰ
“ਓਟ” ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ
ਤਰਨ ਤਾਰਨ, 22 ਜਨਵਰੀ :
ਜ਼ਿਲ੍ਹੇ ਵਿੱਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਤਰਨ ਤਾਰਨ ਵਿਖੇ ਨਵੇਂ ਸ਼ੁਰੂ ਕੀਤੇ ਗਏ “ਓਟ” ਕਲੀਨਿਕ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਸਹਾਇਕ ਸਿਵਲ ਸਰਜਨ ਡਾ. ਕਿਰਨਦੀਪ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ “ਡੈਪੋ” ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਚੱਲ “ਓਟ” ਕਲੀਨਿਕਾਂ, ਓ. ਐੱਸ. ਟੀ. ਤੇ ਮੁੜ ਵਸੇਬਾ ਕੇਂਦਰਾਂ ਅਤੇ ਨਸ਼ਾ ਛੁਡਾਊ ਸੈਂਟਰਾਂ ਵਿੱਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ “ਓਟ” ਕਲੀਨਿਕ ਸ਼ੁਰੂ ਹੋਣ ਨਾਲ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਨੂੰ ਰੋਜ਼ਾਨਾ ਦਵਾਈ ਲੈਣ ਦੀ ਸਹੂਲਤ ਹੋਵੇਗੀ ਅਤੇ ਉਹਨਾਂ ਨੂੰ ਦੂਰ ਨਹੀਂ ਜਾਣਾ ਪਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ ਚੱਲ “ਓਟ” ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੱਗੱਭਗ 26 ਹਜ਼ਾਰ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 10 “ਓਟ ਕਲੀਨਿਕ”, ਕਮਿਊਨਿਟੀ ਹੈੱਲਥ ਸੈਂਟਰ ਘਰਿਆਲਾ, ਖੇਮਕਰਨ, ਸੁਰ ਸਿੰਘ, ਕੈਰੋਂ, ਕਸੇਲ, ਮੀਆਂਵਿੰਡ, ਸਰਹਾਲੀ ਅਤੇ ਠਰੂ (ਝਬਾਲ), ਤੋਂ ਇਲਾਵਾ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ ਭੱਗੂਪੁਰ (ਪੱਟੀ) ਵਿਖੇ ਪਹਿਲਾ ਚੱਲ ਰਹੇ ਹਨ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਭਿੱਖੀਵਿੰਡ, ਹਰੀਕੇ ਪੱਤਣ ਅਤੇ ਪੱਟੀ ਵਿਖੇ ਵੀ ਨਵੇਂ “ਓਟ ਕਲੀਨਿਕ” ਜਲਦੀ ਸ਼ੁਰੂ ਕੀਤੇ ਜਾਣਗੇ।
—————