ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੀ ਪਾਉਣਗੇ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 27/02/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਵੀ ਪਾਉਣਗੇ ਅਹਿਮ ਯੋਗਦਾਨ-ਡਿਪਟੀ ਕਮਿਸ਼ਨਰ
ਹਰ ਇੱਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਨੂੰ “ਡੈਪੋ” ਵਲੰਟੀਅਰ ਵਜੋਂ ਰਜਿਸਟਰਡ ਹੋਣਾ ਹੋਵੇਗਾ ਲਾਜ਼ਮੀ
“ਈਚ ਵਨ, ਹੈਲਪ ਵਨ” ਦੇ ਨਾਅਰੇ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੇਗਾ ਨਵਾਂ ਰੂਪ
23 ਮਾਰਚ ਨੂੰ ਹਰੇਕ ਵਿਧਾਨ ਸਭਾ ਹਲਕੇ ਵਿੱਚ ਕਰਵਾਇਆ ਜਾਵੇਗਾ ਨਸ਼ਿਆਂ ਖ਼ਿਲਾਫ਼ ਵਿਸ਼ੇਸ ਜਾਗਰੂਕਤਾ ਸਮਾਗਮ
ਤਰਨ ਤਾਰਨ, 27 ਫ਼ਰਵਰੀ :
ਪੰਜਾਬ ਵਿੱਚ ਰਾਜ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਰਾਜ ਦੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਪਾਸੋਂ ਵੀ ਨਸ਼ਾ ਪੀੜ੍ਹਤਾਂ ਦੇ ਇਲਾਜ ’ਚ ਸਹਿਯੋਗ ਲਿਆ ਜਾਵੇਗਾ ਤਾਂ ਜੋ ਉਹ ਆਪਣੀ ਸਰਕਾਰੀ ਜ਼ਿੰਮੇਂਵਾਰੀ ਦੇ ਨਾਲ-ਨਾਲ ਸਮਾਜਿਕ ਜ਼ਿੰਮੇਂਵਾਰੀ ਨੂੰ ਵੀ ਨਿਭਾਅ ਸਕਣ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਪੀ. ਹੈੱਡ ਕੁਆਟਰ ਸ੍ਰੀ ਬਲਜੀਤ ਸਿੰਘ ਢਿੱਲੋਂ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ’ਚ ਪਹਿਲਾਂ ਹੀ ਡੈਪੋ ਵਾਲੰਟੀਅਰਾਂ ਵਜੋਂ ਸ਼ਾਮਿਲ ਕੀਤਾ ਹੋਇਆ ਹੈ, ਪਰ ਹੁਣ ਉਨ੍ਹਾਂ ਦੀ ਭੂਮਿਕਾ ਨੂੰ ਨਵਾਂ ਰੂਪ ਦੇਣ ਲਈ “ਈਚ ਵਨ, ਹੈਲਪ ਵਨ” ਦਾ ਨਾਅਰਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਰੂਪ ’ਚ ਹਰੇਕ ਸਰਕਾਰੀ ਕਰਮਚਾਰੀ ਨੂੰ ਘੱਟੋ-ਘੱਟ ਇੱਕ ਨਸ਼ਾ ਪੀੜਤ ਨੂੰ ਨਸ਼ਾ ਮੁਕਤ ਕਰਵਾਉਣ ਲਈ ਪ੍ਰੇਰਿਤ ਕਰਨ ਵਿੱਚ ਸਹਿਯੋਗ ਦੇਣਾ ਹੋਵੇਗਾ ਅਤੇ ਉਸ ਪੀੜ੍ਹਤ ਨਾਲ ਲਗਾਤਾਰ ਤਾਲਮੇਲ ਰੱਖਣਾ ਪਵੇਗਾ।ਉਹਨਾਂ ਕਿਹਾ ਕਿ ਹਰ ਇੱਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਨੂੰ “ਡੈਪੋ” ਵਲੰਟੀਅਰ ਵਜੋਂ ਰਜਿਸਟਰਡ ਹੋਣਾ ਲਾਜ਼ਮੀ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 23 ਮਾਰਚ, 2020 ਨੂੰ ਹਰੇਕ ਵਿਧਾਨ ਸਭਾ ਹਲਕਾ ਪੱਧਰ ਤੋਂ ਇਲਾਵਾ ਜ਼ਿਲ੍ਹਾ ਹੈੱਡਕੁਅਟਰ ‘ਤੇ ਵੀ ਨਸ਼ਿਆਂ ਖ਼ਿਲਾਫ਼ ਇੱਕ ਵਿਸ਼ੇਸ ਜਾਗਰੂਕਤਾ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਜਨਤਕ ਨੁਮਾਇੰਦੇ, ਪਤਵੰਤੇ, ਡੈਪੋ, ਪੰਚ-ਸਰਪੰਚ ਤੇ ਮੀਡੀਆ ਨੂੰ ਬੁਲਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਨਸ਼ਿਆਂ ਖ਼ਿਲਾਫ਼ ਮੁਹਿੰਮ ਬਾਰੇ ਜਾਗਰੂਕ ਕੀਤਾ ਜਾਵੇਗਾ, ਉੱਥੇ ਨਸ਼ਿਆਂ ਖ਼ਿਲਾਫ਼ ਸਹੁੰ ਵੀ ਚੁਕਵਾਈ ਜਾਵੇਗੀ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਕੂਲਾਂ ਵਿੱਚ ਵੀ 23 ਮਾਰਚ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਵਾਈ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਵੱਖ-ਵੱਖ ਪੱਧਰ ’ਤੇ ਕੀਤੀ ਜਾ ਰਹੀ ਕਾਰਵਾਈ ਅਤੇ ਪੀੜਤਾਂ ਦੇ ਇਲਾਜ ਸਬੰਧੀ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ, ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਵੀ ਕੀਤੀਆਂ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਰਨਾਂ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ, ਮੌਜੂਦਾ ਨਸ਼ਾ ਮੁਕਤ ਪਿੰਡਾਂ ਤੋਂ ਨਸ਼ੇ ਨੂੰ ਦੂਰ ਰੱਖਣ, ਪਿੰਡਾਂ ’ਚ ਨਸ਼ਾ ਛੱਡਣ ਵਾਲੇ ਨੌਜੁਆਨਾਂ ਨੂੰ ਖੇਡ ਗਤੀਵਿਧੀਆਂ ’ਚ ਲਾਉਣ, ਰਾਜ ਜਾਂ ਕੌਮੀ ਪੱਧਰ ’ਤੇ ਖੇਡ ਚੁੱਕੇ ਖਿਡਾਰੀਆਂ ਰਾਹੀਂ ਪਿੰਡਾਂ ’ਚ ਖੇਡਾਂ ਨੂੰ ਉਭਾਰਨ, ਸਕੂਲਾਂ ’ਚ ਬੱਡੀ ਗਰੁੱਪਾਂ ਨੂੰ ਸਰਗਰਮ ਕਰਕੇ 30 ਮਿੰਟ ਦੀਆਂ ਬੱਡੀ ਗਤੀਵਿਧੀਆਂ ਕਰਨ, ਸਕੂਲਾਂ ਦੀਆ ਦੀਵਾਰਾਂ ’ਤੇ ਨਸ਼ਿਆਂ ਖ਼ਿਲਾਫ਼ ਨਾਅਰੇ ਲਿਖਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਓਟ ਸੈਂਟਰਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਝੋਲਾ ਛਾਪ ਡਾਕਟਰਾਂ ਵਿਰੁੱਧ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਵੀ ਆਦੇਸ਼ ਦਿੱਤੇ।