Close

The district administration has made all arrangements for transporting essential commodities like milk, rations, medicines, vegetables and fruits to their homes.

Publish Date : 26/03/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜ਼ਰੂਰੀ ਵਸਤੂਆਂ ਜਿਵੇਂ ਦੁੱਧ, ਰਾਸ਼ਨ, ਦਵਾਈਆਂ, ਸਬਜ਼ੀਆਂ ਅਤੇ ਫਲ ਆਦਿ ਉਹਨਾਂ ਦੇ ਘਰ ਤੱਕ ਹੀ ਪਹੁੰਚਾਉਣ ਦੀ ਕੀਤੀ ਗਈ ਪੂਰੀ ਵਿਵਸਥਾ
ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ ਜ਼ਰੂਰੀ ਰਾਸ਼ਨ
ਐੱਸ. ਡੀ. ਐੱਮਜ਼ ਦੀ ਨਿਗਰਾਨੀ ਹੇਠ ਸ਼ਹਿਰਾਂ, ਕਸਬਿਆ ਅਤੇ ਪਿੰਡਾਂ ਵਿੱਚ ਲੋੜੀਂਦੀਆਂ ਵਸਤਾਂ ਪਹੁੰਚਾ ਰਹੀਆਂ ਹਨ ਵੱਖ-ਵੱਖ ਟੀਮਾਂ
ਤਰਨ ਤਾਰਨ, 26 ਮਾਰਚ :
ਕਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੀ ਮੌਜੂਦਾ ਸਥਿਤੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕਾਂ ਨੂੰ ਜ਼ਰੂਰੀ ਵਸਤੂਆਂ ਜਿਵੇਂ ਦੁੱਧ, ਰਾਸ਼ਨ, ਦਵਾਈਆਂ, ਸਬਜ਼ੀਆਂ ਅਤੇ ਫਲ ਆਦਿ ਉਹਨਾਂ ਦੇ ਘਰ ਤੱਕ ਹੀ ਪਹੁੰਚਾਉਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਸਾਰੇ ਉੱਪ ਮੰਡਲ ਮੈਜਿਸਟਰੇਟਾਂ ਦੀ ਅਗਵਾਈ ਹੇਠ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲੋਕਾਂ ਨੰੁ ਘਰ ਘਰ ਜਾ ਕੇ ਲੋੜੀਂਦੀਆਂ ਵਸਤੂਆਂ ਪਹੁੰਚਾਈਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਸਾਰਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਵਿੱਚ ਲੱਗਿਆ ਹੋਇਆ ਹੈ ਤਾਂ ਜੋ ਜ਼ਿਲ੍ਹੇ ਦੇ ਨਾਗਰਿਕਾਂ ਦੀ ਹਰ ਮੁਸ਼ਕਿਲ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ।ਉਹਨਾਂ ਜ਼ਿਲ੍ਹਾ ਵਾਸੀਆਂ ਨੰੁ ਅਪੀਲ ਕੀਤੀ ਕਿ ਉਹ ਇਸ ਨਾਜ਼ੁਕ ਹਾਲਾਤਾਂ ਵਿੱਚ ਆਪਣੇ ਆਪਣੇ ਘਰਾਂ ਵਿੱਚ ਬਣੇ ਰਹਿਣ।ਉਹਨਾਂ ਕਿਹਾ ਕਿ ਸਾਰੀਆਂ ਸਬ-ਡਵੀਜ਼ਨ ਵਿੱਚ ਐੱਸ. ਡੀ. ਐੱਮਜ਼ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਸ਼ਹਿਰਾਂ, ਕਸਬਿਆ ਅਤੇ ਪਿੰਡਾਂ ਵਿੱਚ ਲੋੜੀਂਦੀਆਂ ਵਸਤਾਂ ਪਹੁੰਚਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਥਿਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਅਤੇ ਹਰ ਇੱਕ ਲੋੜਵੰਦ ਵਿਅਕਤੀ ਤੱਕ ਲੰਗਰ ਤੇ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਭੁੱਖਾ ਨਾ ਰਹਿ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਸਮੂਹ ਕਾਰਜ ਸਾਧਕ ਅਫ਼ਸਰ ਰਾਹੀਂ ਸ਼ਹਿਰੀ ਖੇਤਰਾਂ ਦੀ ਸਾਫ਼ ਸਫ਼ਾਈ ਅਤੇ ਸੈਨੀਟਾਈਜੇਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਸ ਲਈ ਟੀਮਾਂ ਕੰਮ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੇਂਡੂ ਇਲਾਕਿਆਂ ਦੀ ਸੈਨੀਟਾਈਜੇਸ਼ਨ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸਵੇਰ ਤੋਂ ਜ਼ਿਲ੍ਹੇ ਦੇ ਪਿੰਡਾਂ ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੂਰੂ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਫ਼ਿਊ ਦੇ ਮੱਦੇਨਜ਼ਰ, ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ 24 ਘੰਟੇ ਕੰਮ ਕਰਨ ਵਾਲਾ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸ਼ੂਰੂ ਕੀਤਾ ਗਿਆ ਹੈ। ਲੋਕ ਆਪਣੀਆਂ ਜ਼ਰੂਰੀ ਲੋੜਾਂ ਅਤੇ ਮੁਸ਼ਕਿਲਾਂ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01852-224115 ‘ਤੇ ਸੰਪਰਕ ਕਰ ਸਕਦੇ ਹਨ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟਾਂ ਦੀ ਨਿਗਰਾਨੀ ਹੇਠ ਸਬ-ਡਵੀਜ਼ਨਲ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ।ਜ਼ਰੂਰੀ ਸੇਵਾਵਾਂ ਲਈ ਸਬ-ਡਵੀਜ਼ਨ ਤਰਨ ਤਾਰਨ ਦੇ ਕੰਟਰੋਲ ਰੂਮ ਨੰਬਰ 01852-222555, ਸਬ-ਡਵੀਜ਼ਨ ਖਡੂਰ ਸਾਹਿਬ ਕੰਟਰੋਲ ਰੂਮ ਨੰਬਰ 01859-237358, ਸਬ-ਡਵੀਜ਼ਨ ਪੱਟੀ ਅਤੇ ਭਿੱਖੀਵਿੰਡ ਦੇ ਕੰਟਰੋਲ ਰੂਮ ਨੰਬਰ 01851-244940 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।    
——————-