During curfew Anganwadi workers home deliver food to children and pregnant women in the curfews till April 14
Publish Date : 09/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰਫ਼ਿਊ ਦੌਰਾਨ ਆਂਗਨਵਾੜੀ ਵਰਕਰਾਂ ਵੱਲੋਂ 0-6 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਘਰ੍ਹਾਂ ਤੱਕ ਪਹੁੰਚਾਈ ਗਈ 14 ਅਪ੍ਰੈਲ ਤੱਕ ਦੀ ਖੁਰਾਕ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 1132 ਆਂਗਨਵਾੜੀ ਕੇਂਦਰਾਂ ਦੇ ਲੱਗਭੱਗ 49076 ਲਾਭਪਾਤਰੀਆਂ ਨੂੰ ਹੋਵੇਗਾ ਲਾਭ
ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਂਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਕੀਤਾ ਜਾ ਰਿਹਾ ਜਾਗਰੂਕ
ਤਰਨ ਤਾਰਨ, 9 ਅਪ੍ਰੈਲ:
ਕੋਰੋਨਾ ਵਾਇਰਸ ਪ੍ਰਭਾਵ ਨੂੰ ਰੋਕਣ ਲਈ ਸੂਬੇ ਭਰ ਵਿੱਚ ਲਗਾਏ ਗਏ ਕਰਫਿਊ ਦੌਰਾਨ ਭਾਵੇਂ ਸਾਰਾ ਜਨ-ਜੀਵਨ ਰੁਕਿਆ ਹੋਇਆ ਹੈ, ਪਰ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਏ ਜਾ ਰਹੇ ਆਂਗਨਵਾੜੀ ਕੇਂਦਰਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਉਨ੍ਹਾਂ ਦੀ ਖੁਰਾਕ ਆਂਗਨਵਾੜੀ ਵਰਕਰਾਂ ਦੇ ਰਾਹੀਂ ਘਰ-ਘਰ ਪਹੁੰਚਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵੀ ਉਨ੍ਹਾਂ ਦੀ ਖੁਰਾਕ ਘਰ ਤੱਕ ਪਹੁੰਚਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 1132 ਆਂਗਨਵਾੜੀ ਕੇਂਦਰਾਂ ਵਿੱਚ 0-6 ਸਾਲ ਤੱਕ ਦੇ ਉਮਰ ਦੇ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਮਾਵਾਂ ਦੀ 14 ਅਪ੍ਰੈਲ, 2020 ਤੱਕ ਦੀ ਖੁਰਾਕ ਭੇਜ ਦਿੱਤੀ ਗਈ ਹੈ, ਜਿਸ ਦਾ ਲੱਗਭੱਗ 49076 ਲਾਭਪਾਤਰੀਆਂ ਨੂੰ ਲਾਭ ਹੋਵੇਗਾ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਖੁਰਾਕ ਦੀ ਵੰਡ ਤੋਂ ਇਲਾਵਾ ਸਮੂਹ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਂਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਹਰ ਕਿਸੇ ਨੂੰ ਆਪਣੇ ਘਰ ਹੀ ਰਹਿਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਬਣਾਏ ਰੱਖਣੀ ਚਾਹੀਦੀ ਹੈ, ਏਸੇ ਉਪਾਅ ਨਾਲ ਅਸੀਂ ਕੋਰੋਨਾ ਵਾਇਰਸ ਦੇ ਪ੍ਰਵਾਹ ਤੋਂ ਬਚ ਸਕਦੇ ਹਾਂ।
————