ਬੰਦ ਕਰੋ

ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਮੰਡੀਆਂ ਦਾ ਦੌਰਾ

ਪ੍ਰਕਾਸ਼ਨ ਦੀ ਮਿਤੀ : 30/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਮੰਡੀਆਂ ਦਾ ਦੌਰਾ
ਸ੍ਰੀ ਸਰਬਜੀਤ ਸਿੰਘ ਪ੍ਰਿੰਸੀਪਲ ਸੈਕਟਰੀ ਪੰਜਾਬ ਨੇ ਦਾਣਾ ਮੰਡੀ ਖਡੂਰ ਸਾਹਿਬ ਤੇ ਗੋਇੰਦਵਾਲ ਸਾਹਿਬ ਦਾ ਕੀਤਾ ਦੌਰਾ
ਐੱਮ. ਡੀ. ਮਾਰਕਫੈੱਡ ਸ੍ਰੀ ਵਰੁਣ ਰੂਜ਼ਮ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਤੇ ਦਾਣਾ ਮੰਡੀ ਖਡੂਰ ਸਾਹਿਬ ਤੇ ਫਤਿਆਬਾਦ ਦਾ ਦੌਰਾ ਕੀਤਾ
ਕਿਸਾਨਾਂ ਨੂੰ 300 ਕਰੋੜ 78 ਲੱਖ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 29 ਅਪ੍ਰੈਲ :
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰਤ ਕੀਤੇ ਗਏ ਸੀਨੀਅਰ ਅਧਿਕਾਰੀਆਂ ਸ੍ਰੀ ਸਰਬਜੀਤ ਸਿੰਘ ਪ੍ਰਿੰਸੀਪਲ ਸੈਕਟਰੀ ਸਿੰਚਾਈ ਵਿਭਾਗ ਪੰਜਾਬ ਅਤੇ ਐਮ. ਡੀ. ਮਾਰਕਫੈਡ ਸ੍ਰੀ ਵਰੁਣ ਰੂਜ਼ਮ ਨੇ ਅੱਜ ਜ਼ਿਲੇ ਦੀਆਂ ਖਡੂਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਫਤਿਆਬਾਦ ਆਦਿ ਦਾ ਦੌਰਾ ਕੀਤਾ। ਉਨਾਂ ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਲਿਆਉਣ ਲਈ ਦਿੱਤੇ ਜਾਂਦੇ ਪਾਸ ਦੇ ਅਮਲੀਕਰਨ, ਸਬੰਧਤ ਮੰਡੀਆਂ ਵਿੱਚ ਪਹੁੰਚ ਰਹੀ ਕਣਕ ਤੋਂ ਇਲਾਵਾ ਕਣਕ ਦੀ ਗੁਣਵੱਤਾ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸਬੰਧੀ ਅਤੇ ਹੁਣ ਤੱਕ ਚੱਲ ਰਹੇ ਕੰਮ ਦਾ ਵਿਸਥਾਰ ਤੇ ਇਸ ਨੂੰ ਕਿਵੇਂ ਲਾਗੂ ਕੀਤਾ ਜਾ ਰਿਹਾ ਹੈ, ਸਬੰਧੀ ਮੰਡੀਆਂ ਵਿਚ ਪਹੁੰਚ ਕੇ ਜਾਣਕਾਰੀ ਹਾਸਿਲ ਕੀਤੀ।ਇਸ ਮੌਕੇ ਅਧਿਕਾਰੀਆਂ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਉਨਾਂ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਖਰੀਦ ਦੇ ਕੰਮ ਵਿਚ ਲੱਗੇ ਸਾਰੀਆਂ ਏਜੰਸੀਆਂ ਦੇ ਜ਼ਿਲਾ ਮੁਖੀਆਂ ਨਾਲ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਮੰਡੀ ਵਿਚ ਲਾਗੂ ਕਰਨ ਲਈ ਜੋ ਵੀ ਸਾਵਧਾਨੀਆਂ ਦਿੱਤੀਆਂ ਗਈਆਂ ਹਨ, ਉਨਾਂ ਨੂੰ ਲਾਗੂ/ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਮੰਡੀਆਂ ਵਿਚ ਆਉਂਦੇ ਕਿਸਾਨਾਂ, ਕੰਮ ਕਰਦੇ ਮਜ਼ਦੂਰਾਂ, ਆੜਤੀਆਂ ਅਤੇ ਸਰਕਾਰੀ ਅਧਿਕਾਰੀਆਂ ਦੀ ਜਾਨ ਸਾਡੀ ਪਹਿਲੀ ਤਰਜੀਹ ਹੈ। ਉਨਾਂ ਕਿਹਾ ਕਿ ਸਰਕਾਰ ਕਿਸਾਨ ਦਾ ਇਕ-ਇਕ ਦਾਣਾ ਖਰੀਦੇਗੀ, ਪਰ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿੱਚ ਕੋਈ ਵੀ ਵਿਅਕਤੀ ਵਾਇਰਸ ਦਾ ਸ਼ਿਕਾਰ ਨਾ ਹੋਵੇੇ।
ਇਸ ਮੌਕੇ ਜਾਣਕਾਰੀ ਦਿੰਦਿਅ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 42 ਪ੍ਰਤੀਸ਼ਤ ਕਣਕ ਪੁੱਜੀ ਚੁੱਕੀ ਹੈ, ਜਿਸ ਵਿੱਚੋਂ 38 ਪ੍ਰਤੀਸ਼ਤ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲੇ ਦੀਆਂ ਮੰਡੀਆਂ ਵਿੱਚ 28 ਅਪ੍ਰੈਲ ਤੱਕ ਆਈ 226497 ਮੀਟਿ੍ਰਕ ਟਨ ਕਣਕ ਵਿਚੋਂ 223347 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਅਨੁਸਾਰ ਮੰਡੀ ਵਿਚ ਕਿਸਾਨਾਂ ਜਾਂ ਮਜ਼ਦੂਰਾਂ ਨੂੰ ਮੁਸ਼ਿਕਲ ਪੇਸ਼ ਨਹੀਂ ਆ ਰਹੀ ਅਤੇ ਨਾ ਹੀ ਆਉਣ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਮੰਗਲਵਾਰ ਸ਼ਾਮ ਤੱਕ ਪਨਗ੍ਰੇਨ ਵੱਲੋਂ 57414 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 52224 ਮੀਟਿ੍ਰਕ ਟਨ, ਪਨਸਪ ਵੱਲੋਂ 38040 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35634 ਮੀਟਿ੍ਰਕ ਟਨ ਅਤੇ ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 40035 ਮੀਟਿ੍ਰਕ ਟਨ ਕਣਕ ਖ਼ਰੀਦੀ ਕੀਤੀ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਵਿਚੋਂ ਕਰੀਬ 55 ਪ੍ਰਤੀਸ਼ਤ ਦੀ ਲਿਫਟਿੰਗ ਵੀ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 300 ਕਰੋੜ 78 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਦੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਜਿਲਾ ਖੁਰਾਕ ਸਪਲਾਈ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
———–