District Red Cross Society Tarn Taran is always on the lookout for the welfare of the needy
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਤਰਨ ਤਾਰਨ ਲੋੜਵੰਦ ਲੋਕਾਂ ਦੀ ਭਲਾਈ ਲਈ ਹਮੇਸ਼ਾ ਤੱਤਪਰ-ਡਿਪਟੀ ਕਮਿਸ਼ਨਰ
ਲੱਾਕਡਾਊਨ ਦੌਰਾਨ ਲਗਾਏ ਗਏ ਖੂਨਦਾਨ ਕੈਂਪਾਂ ਦੌਰਾਨ 615 ਯੂਨਿਟ ਖੂਨ ਦਾ ਦਿੱਤਾ ਯੋਗਦਾਨ
ਤਰਨ ਤਾਰਨ, 8 ਮਈ :
ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਤਰਨ ਤਾਰਨ ਲੋੜਵੰਦ ਲੋਕਾਂ ਦੀ ਭਲਾਈ ਲਈ ਹੋਰ ਤੱਤਪਰ ਹੋ ਕੇ ਕੰਮ ਕਰੇਗੀ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮੌਕੇ ’ਤੇ ਕਰਵਾਏ ਗਏ ਸਾਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਸੈਕਟਰੀ ਰੈੱਡ ਕਰਾਸ ਸੋਸਾਇਟੀ ਸ੍ਰੀ ਟੀ. ਐੱਸ. ਰਾਜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਕਰਨਾ ਰੈਡ ਕਰਾਸ ਦਾ ਮੁੱਖ ਮੰਤਵ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਵਿਸ਼ਵ ਰੈਡ ਕਰਾਸ ਦਿਵਸ ਦੇ ਮੌਕੇ ‘ਤੇ ਪਹਿਲਾਂ ਦੀ ਤਰ੍ਹਾਂ ਵਿਸ਼ੇਸ਼ ਸਮਾਗਮ ਵਜੋਂ ਆਯੋਜਿਤ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਹਮੇਸ਼ਾ ਤੱਤਪਰ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸਮਾਜ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਸੰਕਟ ਦੀ ਘੜੀ ਵਿੱਚ ਗਰੀਬ ਪਰਿਵਾਰਾਂ ਨੂੰ 2,60,000 ਪੈਕੇਟ ਖਾਣੇ ਦੇ ਮੁਹੱਈਆ ਕਰਵਾਏ ਗਏ।ਉਹਨਾਂ ਕਿਹਾ ਜ਼ਿਲ੍ਹਾ ਰੱੈਡ ਕਰਾਸ ਸੋਸਾਇਟੀ ਵੱਲੋਂ ਲੱਾਕਡਾਊਨ ਦੌਰਾਨ ਲਗਾਏ ਗਏ ਖੂਨਦਾਨ ਕੈਂਪਾਂ ਦੌਰਾਨ 615 ਯੂਨਿਟ ਖੂਨ ਦਾ ਯੋਗਦਾਨ ਬਲੱਡ ਬੈਂਕ ਤਰਨ ਤਾਰਨ ਲਈ ਦਿੱਤਾ ਗਿਆ।ਇਸ ਤੋਂ ਇਲਾਵਾ ਜ਼ਿਲ੍ਹਾ ਰੈਡ ਕਰਾਸ ਵੱਲੋਂ 65000 ਕੱਪੜੇ ਦੇ ਮਾਸਕ, 3000 ਰਾਸ਼ਨ ਦੀਆਂ ਕਿੱਟਾਂ, 12000 ਪੀ. ਪੀ. ਈ. ਕਿੱਟਾਂ, ਅਤੇ 20,500 ਸੈਨੇਟਾਈਜਰ ਦੀਆਂ ਬੋਤਲਾਂ ਆਦਿ ਵੀ ਵੰਡੀਆਂ ਜਾ ਚੁੱਕੀਆਂ ਹਨ।
ਉਹਨਾਂ ਦੱਸਿਆ ਕਿ ਜ਼ਿਲੇ੍ਹ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਰੈਡ ਕਰਾਸ ਸੋਸਾਇਟੀ ਨੂੰ ਹਰੇਕ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਉਹਨਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਵਪਾਰਕ ਅਦਾਰਿਆਂ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਿੱਚ ਵਢਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।
————