ਜ਼ਿਲ੍ਹਾ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਕਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦਾ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਆਪਣਾ ਟੈਸਟ ਕਰਵਾਉਣ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 17/09/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਕਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦਾ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਆਪਣਾ ਟੈਸਟ ਕਰਵਾਉਣ-ਡਿਪਟੀ ਕਮਿਸ਼ਨਰ
ਤਬੀਅਤ ਵਿੱਚ ਥੋੜ੍ਹਾ ਵੀ ਵਿਗਾੜ ਆਉਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 17 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਬੀਅਤ ਵਿੱਚ ਥੋੜ੍ਹਾ ਵੀ ਵਿਗਾੜ ਆਉਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ।ਉਹਨਾਂ ਕਿਹਾ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਲੋਕ ਕਰੋਨਾ ਵਰਗੀ ਮਹਾਂਮਾਰੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ, ਜਿਸ ਕਾਰਨ ਕੇਸ ਵਿਗੜ ਰਹੇ ਹਨ ਅਤੇ ਮੌਤ ਦਰ ਵਿੱਚ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਇਲਾਜ ਵਿੱਚ ਦੇਰੀ ਕਾਰਨ ਕਰੋਨਾ ਵਾਇਰਸ ਦੀ ਇੰਸ਼ਪੈਕਸ਼ਨ ਮਰੀਜ਼ ਦੇ ਫੇਫੜਿਆਂ ਤੱਕ ਪਹੁੰਚ ਜਾਂਦੀ ਹੈ ਅਤੇ ਆਕਸੀਜ਼ਨ ਪੱਧਰ ਘਟਣ ਨਾਲ ਮੌਤ ਹੋ ਜਾਂਦੀ ਹੈ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੋਈਆਂ ਜ਼ਿਆਦਾਤਰ ਮੌਤਾਂ ਬਜ਼ੁਰਗਾਂ ਅਤੇ ਹੋਰ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਲੋਕਾਂ ਦੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦੀ ਖਾਤਿਰ ਟੈਸਟ ਸ਼ੁਰੂਆਤੀ ਪੱਧਰ ‘ਤੇ ਹੀ ਕਰਵਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ ਟੈਸਟਿੰਗ ਦੀ ਸਮਰੱਥਾ ਵਧਾਈ ਜਾ ਰਹੀ ਹੈ।ਇਸ ਲਈ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਸੈਂਪਲ ਲੈਣ ਲਈ ਵਿਸ਼ੇਸ ਕੈਂਪ ਵੀ ਲਗਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਕਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦਾ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਆਪਣਾ ਟੈਸਟ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਉਹਨਾਂ ਲੋਕਾਂ ਨੂੰ ਕਿਹਾ ਕਿ ਉਹ ਕਰੋਨਾ ਨੂੰ ਕੋਈ ਸਮਾਜਿਕ ਧੱਬਾ ਨਾ ਸਮਝਣ, ਕਿਉਂਕਿ ਇਸ ਮਹਾਂਮਾਰੀ ਨੇ ਜਿੱਥੇ ਦੁਨੀਆਂ ਦੇ ਸਾਰੇ ਦੇਸ਼ਾਂ ਨੂੰ ਲਪੇਟ ਵਿੱਚ ਲਿਆ ਹੈ, ਉੱਥੇ ਵਿਸ਼ਵ ਦੇ ਸਭ ਤੋਂ ਪ੍ਰਭਾਵਸ਼ਾਲੀ ਦੇਸ਼ਾਂ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੇ ਮਰੀਜਾਂ ਦੀ ਸਿਹਤ ਬਾਰੇ ਨਿਗਰਾਨੀ ਰੱਖਣ ਲਈ ਹੋਮ ਆਈਸੋਲੇਸ਼ਨ ਕੰਟਰੋਲ ਸੈਂਟਰ ਵੱਲੋਂ ਮਰੀਜ਼ਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਹੋਮ ਆਈਸੋਲੇਸ਼ਨ ਦੀ ਸਹੂਲਤ ਤਹਿਤ ਮਰੀਜ਼ ਆਪਣੇ ਘਰ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਸਕਦਾ ਹੈ।
——————-