ਬੰਦ ਕਰੋ

ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ 50 ਫੀਸਦੀ ਸਮਰੱਥਾ ਨਾਲ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 06/01/2021
ਦਫਤਰ, ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ 50 ਫੀਸਦੀ ਸਮਰੱਥਾ ਨਾਲ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ-ਡਿਪਟੀ ਕਮਿਸ਼ਨਰ
ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਬਣਾਈ ਜਾਵੇਗੀ ਯਕੀਨੀ
ਤਰਨ ਤਾਰਨ, 06 ਜਨਵਰੀ
ਇਸ ਸਾਲ ਦਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ 50 ਫੀਸਦੀ ਸਮਰੱਥਾ ਨਾਲ ਹੋਵੇਗਾ।ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਇਤਿਹਾਸਿਕ ਮਹੱਤਤਾ ਵਾਲੇ ਰਾਸ਼ਟਰੀ ਪਰਬ ਨੂੰ ਮਨਾਉਣ ਲਈ ਸਮੂਹ ਅਧਿਕਾਰੀ ਆਪਣੀ-ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ। 
ਇਸ ਮੌਕੇ ਵਧਕਿ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਿਨੰਦਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸਤਨਾਮ ਸਿੰਘ ਅਤੇ ਉਪ-ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਮਾਰਚ ਪਾਸਟ ਅਤੇ ਝਾਕੀਆਂ ਆਦਿ ਅੱਧੀ ਸਮਰੱਥਾ ਨਾਲ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।
ਮੀਟਿੰਗ ਦੌਰਾਨ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਟੇਡੀਅਮ ਦੀ ਸਾਫ ਸਫਾਈ, ਸਟੇਜ ਦੀ ਸਜਾਵਟ, ਪਤਵੰਤਿਆਂ ਦੇ ਬੈਠਣ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਪਲਾਈ, ਮਾਰਚ ਪਾਸਟ, ਇਨਾਮਾਂ ਦੀ ਵੰਡ, ਮੁੱਢਲੀ ਸਹਾਇਤਾ ਆਦਿ ਸਬੰਧੀ ਡਿਊਟੀਆਂ ਲਾਈਆਂ ਗਈਆਂ।
ਉਹਨਾਂ ਦੱਸਿਆ ਕਿ ਸਮਾਗਮ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ,  ਖੇਤੀਬਾੜੀ ਵਿਭਾਗ, ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵਿਕਾਸ ਨੰੁ ਦਰਸਾਉਂਦੀਆਂ ਝਾਕੀਆਂ ਸਜਾਈਆਂ ਜਾਣਗੀਆਂ। ਇਸ ਤੋਂ ਇਲਾਵਾ ਕਰੋਨਾ ਦੇ ਦੌਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕਰੋਨਾ ਯੋਧਿਆਂ ਦਾ ਵੀ ਸਨਮਾਨ ਕੀਤਾ ਜਾਵੇਗਾ।  
——————–