15573 persons were vaccinated against covid vaccine in Tarn Taran district – Deputy Commissioner
Publish Date : 22/03/2021
ਜ਼ਿਲ੍ਹਾ ਤਰਨ ਤਾਰਨ ਵਿੱਚ 15573 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 84 ਹਜ਼ਾਰ 137 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 21 ਮਾਰਚ :
ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 15573 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 361 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 184137 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 180044 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1157 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2643 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2222 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 42 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 08 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 34 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 294 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 201 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 05 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 16 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 02 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।