Tarn Taran became the first district to produce a digital album about government schools
ਸਰਕਾਰੀ ਸਕੂਲਾਂ ਬਾਰੇ ਡਿਜੀਟਲ ਐਲਬਮ ਬਣਾਉਣ ਵਾਲਾ ਤਰਨਤਾਰਨ ਬਣਿਆ ਪਹਿਲਾ ਜ਼ਿਲ੍ਹਾ
ਸਕੂਲਾਂ ਦੀ ਬਦਲੀ ਨੁਹਾਰ ਨੂੰ ਖੂਬਸੂਰਤੀ ਨਾਲ ਡਿਜ਼ੀਟਲ ਢੰਗ ਰਾਹੀਂ ਕੀਤਾ ਪੇਸ਼
ਤਰਨਤਾਰਨ 15 ਜੂਨ :
ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਤਰਨਤਾਰਨ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹਣ ਵਿੱਚ ਕਾਮਯਾਬ ਹੋਇਆ ਹੈ। ਸਰਹੱਦੀ ਜ਼ਿਲ੍ਹਾ ਤਰਨਤਾਰਨ ਜਿੱਥੇ ਸਮਾਰਟ ਸਕੂਲ ਮੁਹਿੰਮ ਅਧੀਨ ਬੜੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ, ਉੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਪੰਜਵੀਂ ਜਮਾਤ ਦੇ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਵੀ ਜ਼ਿਲ੍ਹਾ ਤਰਨਤਾਰਨ 99.95 ਪਾਸ ਪ੍ਰਤੀਸ਼ਤਤਾ ਨਾਲ ਪੰਜਾਬ ਭਰ ਵਿੱਚ ਚੋਟੀ ‘ਤੇ ਰਿਹਾ।
ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਅਤੇ ਸ਼੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਨੇ ਦੱਸਿਆ ਕਿ ਵਿਭਾਗ ਵੱਲੋਂ ਚਲਾਈਆਂ ਵੱਖ-ਵੱਖ ਮੁਹਿੰਮਾਂ ਜਿੰਨਾ ਵਿੱਚ ਸਕੂਲਾਂ ਨੂੰ ਸਮਾਰਟ ਬਣਾਉਣ ਹਿੱਤ ਪ੍ਰੋਜੈਕਟਰ ਰੂਮ, ਪ੍ਰੀ ਪ੍ਰਾਇਮਰੀ ਰੂਮ, ਸੁੰਦਰ ਰੰਗਦਾਰ ਫਰਨੀਚਰ ਸ਼ਾਨਦਾਰ ਸਕੂਲ ਪਾਰਕਾਂ, ਸਕੂਲ ਗੇਟ, ਸ਼ਾਨਦਾਰ ਬਿਲਡਿੰਗਜ਼, ਬਾਥਰੂਮਜ਼, ਮੈਥ ਸਾਇੰਸ ਪਾਰਕ, ਸਮਾਰਟ ਯੂਨੀਫ਼ਾਰਮ ਨੂੰ ਜ਼ਿਲ੍ਹਾ ਤਰਨਤਾਰਨ ਵਿੱਚ ਲਾਗੂ ਕਰਨ ਉਪਰੰਤ ਇਸਨੂੰ ਪੀਪੀਟੀ ਰਾਹੀਂ ਡਿਜ਼ੀਟਲ ਐਲਬਮ ਤਿਆਰ ਕੀਤੀ ਗਈ ਹੈ ਅਤੇ ਅਜਿਹਾ ਕਾਰਜ ਕਰਨ ਵਾਲਾ ਤਰਨਤਾਰਨ ਪਹਿਲਾ ਜ਼ਿਲ੍ਹਾ ਬਣਿਆ ਹੈ।
ਉਹਨਾਂ ਨੇ ਇਸ ਸਬੰਧੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਰਹੱਦੀ ਜ਼ਿਲ੍ਹਾ ਤਰਨਤਾਰਨ ਸਮੂਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀ ਸਾਹਿਬਾਨ ਅਤੇ ਅਧਿਆਪਕਾਂ, ਕਰਮਚਾਰੀਆਂ ਦੇ ਸਹਿਯੋਗ ਸਦਕਾ, ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਗਈ ਸਮਾਰਟ ਸਕੂਲ ਮੁਹਿੰਮ ਵਿੱਚ ਲਗਾਤਾਰ ਅੱਗੇ ਵਧ ਰਿਹਾ ਹੈ।
ਸ਼੍ਰੀ ਨਵਦੀਪ ਸਿੰਘ ਪੜ੍ਹੋ ਪੰਜਾਬ ਕੋਆਰਡੀਨੇਟਰ ਅਤੇ ਏਸੀ ਸਮਾਰਟ ਸਕੂਲ, ਸ਼੍ਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 503 ਸਕੂਲ ਪੈਰਾਮੀਟਰ 1 ਦੇ ਅਨੁਸਾਰ ਸਮਾਰਟ ਹੋ ਚੁੱਕੇ ਹਨ ਅਤੇ ਸਕੂਲਾਂ ਵਿੱਚ ਸਮਾਰਟ ਮੁਹਿੰਮ ਹਿੱਤ ਪ੍ਰਾਇਮਰੀ ਪੱਧਰ ਤੇ 530 ਸਮਾਰਟ ਐਲ ਈ ਡੀ ਅਤੇ 280 ਪਰੋਜੈਕਟਰ ਲਗਾਏ ਜਾ ਚੁੱਕੇ ਹਨ। ਜਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਮਾਰਟ ਸਕੂਲ ਪ੍ਰੋਜੈਕਟ ਦੇ ਨਾਲ ਨਾਲ ਜ਼ਿਲ੍ਹੇ ਵੱਲੋਂ ਦਾਖਲਾ ਮੁਹਿੰਮ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ।ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ‘ਚ 64071 ਬੱਚੇ ਪੜ੍ਹਦੇ ਸਨ ਤੇ ਇਸ ਵਾਰ 69591 ਵਿਦਿਆਰਥੀ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਵਿੰਗ ‘ਚ 8.62 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ।
ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਲਗਾਤਾਰ ਦੂਸਰੇ ਸਾਲ ਹੋਏ ਵੱਡੇ ਵਾਧੇ ਬਾਰੇ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਹਰ ਪੱਖੋਂ ਉੱਚਾ ਚੁੱਕਣ ਦੀ ਬਦੌਲਤ ਹੀ ਇਨ੍ਹਾਂ ਸਕੂਲਾਂ ‘ਚ ਵਿਦਿਆਰਥੀਆਂ ਦਾ ਵੱਡਾ ਵਾਧਾ ਹੋ ਰਿਹਾ ਹੈ। ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ।
ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਵੱਲੋਂ ਜਿੱਥੇ ਰਵਾਇਤੀ ਸਾਧਨਾਂ ਨੁੱਕੜ ਨਾਟਕਾਂ, ਗੀਤਾਂ, ਮੇਲਿਆਂ, ਧਾਰਮਿਕ ਸਥਾਨਾਂ ਰਾਹੀਂ ਬੇਨਤੀਆਂ ਤੇ ਘਰ-ਘਰ ਜਾ ਕੇ, ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਬੱਚੇ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਟੀਵੀ, ਰੇਡੀਓ, ਸੋਸ਼ਲ ਮੀਡੀਆ, ਪੋਸਟਰਾਂ, ਪੈੱਫਲਿਟਾਂ ਤੇ ਫਲੈਕਸਾਂ ਰਾਹੀਂ ਵੀ ਪ੍ਰਚਾਰ ਮੁਹਿੰਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ ਗਿਆ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧੇ ਹਨ।