Covid vaccine administered to 3828 people during vaccination camps – Deputy Commissioner
ਵੈਕਸੀਨੇਸ਼ਨ ਕੈਂਪਾਂ ਦੌਰਾਨ 3828 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਤਰਨ ਤਾਰਨ, 01 ਸਤੰਬਰ:
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 3,39,514 ਲਾਭਪਾਤਰੀਆਂ ਨੂੰ 4,21,845 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 3828 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1339 ਸੈਂਪਲ ਹੋਰ ਲਏ ਗਏ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8005 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7621 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,48122 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,39413 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1042 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।