The Deputy Commissioner visited the government offices of the sub-division and reviewed the functioning of the government
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਸਬ-ਡਵੀਜ਼ਨ ਪੱਟੀ ਦੇ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਸਰਕਾਰੀ ਕੰਮ-ਕਾਜ ਦਾ ਲਿਆ ਜਾਇਜ਼ਾ
ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰ ਹੋ ਕੇ ਲੋਕਾਂ ਦੇ ਕੰਮਾਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਉਣ ਦੀ ਕੀਤੀ ਹਦਾਇਤ
ਤਰਨ ਤਾਰਨ, 26 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਅੱਜ ਸਬ-ਡਵੀਜ਼ਨ ਪੱਟੀ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਸਰਕਾਰੀ ਕੰਮ-ਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਨਾਲ ਸਨ।
ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਐੱਸ. ਡੀ. ਐੱਮ. ਦਫ਼ਤਰ ਪੱਟੀ, ਤਹਿਸੀਲ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਕਾਰਜ ਸਾਧਕ ਅਫ਼ਸਰ, ਸਬ ਜੇਲ੍ਹ ਪੱਟੀ ਅਤੇ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿੱਚ ਪਹੁੰਚ ਕੇ ਉੱਥੇ ਦਾ ਕੰਮ-ਕਾਜ ਦਾ ਜਾਇਜ਼ਾ ਲਿਆ ਅਤੇ ਉੱਥੇ ਕੰਮ ਕਰ ਰਹੇ ਸਰਕਾਰੀ ਸਟਾਫ਼ ਦੀਆਂ ਮੁਸ਼ਕਿਲਾਂ ਨੂੰ ਸੁਣਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰ ਹੋਣ ਅਤੇ ਲੋਕਾਂ ਦੇ ਕੰਮਾਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਲਈ ਆਉਣ ਵਾਲੇ ਬਜ਼ੁਰਗਾਂ ਲਈ ਬੈਠਣ ਅਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ ਪ੍ਰਬੰਧ ਕੀਤਾ ਜਾਵੇ ਅਤੇ ਉਹਨਾਂ ਦੇ ਕੰਮਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਸਰਕਾਰੀ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ।