Close

The Punjab Government with a budget of Rs.5000 crore would bring major improvements in health facilities

Publish Date : 14/07/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਪ੍ਰੈਸ ਨੋਟ

  • ਪੰਜਾਬ ਸਰਕਾਰ ਵੱਲੋਂ 5000 ਕਰੋੜ ਰੁਪਏ ਦੇ ਬਜਟ ਨਾਲ ਸਿਹਤ ਸੁਵਿਧਾਵਾਂ ਵਿਚ ਲਿਆਂਦਾ ਜਾਵੇਗਾ ਵੱਡਾ ਸੁਧਾਰ- ਸਿਹਤ ਮੰਤਰੀ ਪੰਜਾਬ
  • ਆਜ਼ਾਦੀ ਦਿਵਸ ਦੇ ਮੌਕੇ ਤੇ 15 ਅਗਸਤ ਨੂੰ ਰਾਜ ਵਿਚ ਕੀਤੀ ਜਾਵੇਗੀ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ- ਚੇਤਨ ਸਿੰਘ ਜੌੜਾਮਾਜਰਾ
  • ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਿਵਲ ਹਸਪਤਾਲ ਤਰਨ ਤਾਰਨ ਦਾ ਕੀਤਾ ਦੌਰਾ

ਤਰਨ ਤਾਰਨ 13 ਜੁਲਾਈ (         ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਸ ਸਾਲ ਦੇ ਬਜਟ ਵਿਚ ਲਗਭਗ 5000 ਕਰੋੜ ਰੁਪਏ ਰੱਖਿਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕਰਨ ਉਪਰੰਤ ਕੀਤਾ। ਇਸ ਦੌਰਾਨ ਉਨ੍ਹਾਂ ਸਿਵਲ ਹਸਪਤਾਲ ਦੇ ਜੱਚਾ ਬੱਚਾ ਵਾਰਡ, ਨਸ਼ਾ ਛੁਡਾਊ ਕੇਂਦਰ ਸਮੇਤ ਵੱਖ ਵੱਖ ਵਾਰਡਾਂ ਦਾ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰਾਨ ਇਲਾਜ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਲਾਂ ਨੂੰ ਸੁਣਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਅਤੇ ਹਲਕਾ ਵਿਧਾਇਕ ਖਡੂਰ ਸਿੰਘ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੀ ਉਨ੍ਹਾਂ ਨਾਲ ਮੋਜੂਦ ਸਨ।

          ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਪੰਜਾਬ ਸ੍ਰ ਜੋੜਾਮਾਜਰਾ ਨੇ ਕਿਹਾ ਕਿ ਸਿਹਤ ਸਹੂਲਤਾਂ ਵਿਚ ਸੁਧਾਰ ਲਿਆਉਣ ਲਈ ਉਨ੍ਹਾਂ ਵੱਲੋਂ ਸੂਬੇ ਦੇ ਸਾਰੇ ਹਸਪਤਾਲਾ ਦਾ ਦੌਰਾ ਕਰਕੇ ਜਾਇਜਾ ਲਿਆ ਜਾ ਰਿਹਾ ਹੈ ਤਾਂ ਜੋ ਹਸਪਤਾਲਾਂ ਵਿਖੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ ਅਤੇ ਇਲਾਜ ਕਰਵਾਉਣ ਆ ਰਹੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਇਹ ਵੀ ਕਿਹਾ ਕਿ ਇਕ ਮਹੀਨੇ ਦੇ ਅੰਦਰ ਅੰਦਰ ਰਾਜ ਦੇ ਸਮੂਹ ਸਰਕਾਰੀ ਹਸਪਤਾਲਾਂ ਵਿੱਚ ਸਾਰੀਆਂ ਲੋੜੀਂਦੀਆਂ ਦਵਾਈਆਂ ਦੀ ਮੌਜੂਦਗੀ ਨੂੰ ਯਕੀਨੀ ਬਣਾਇਆ ਜਾਵੇਗਾ।

          ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਰਾਜ ਵਿਚ 75 ਮੁਹੱਲਾ ਕਲੀਨਿਕਾਂ ਦੀ ਖੋਲਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਲਾਜ ਕਰਵਾਉਣ ਲਈ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਵਿਚ ਵੱਡੇ ਸੁਧਾਰ ਲਿਆ ਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰੀ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਲਈ ਸੂਬੇ ਵਿਚ 16 ਮੈਡੀਕਲ ਕਾਲਜ ਵੀ ਖੋਲੇ ਜਾਣਗੇ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਸਪਤਾਲ ਦੀ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਣ ਲਈ ਕਿਹਾ ਅਤੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਹਸਪਤਾਲਾਂ ਵਿਚ ਗੰਦਗੀ ਨਾ ਪਾਉਣ ਤੇ ਸਾਫ-ਸਫਾਈ ਨੂੰ ਤਵਜੋਂ ਦੇਣ।

ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਥਾਨਕ ਰੈਸਟ ਹਾਊਸ ਤਰਨ ਤਾਰਨ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ, ਐਸਐਸਪੀ ਤਰਨ ਤਾਰਨ ਰਣਜੀਤ ਸਿੰਘ ਢਿੱਲੋਂ, ਐਸਡੀਐਮ ਰਜਨੀਸ਼ ਅਰੋੜਾ, ਸਿਵਲ ਸਰਜਨ ਡਾ. ਸੀਮਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।