ਜ਼ਿਲ੍ਹਾ ਤਰਨ ਤਾਰਨ ਵਿੱਚ 28 ਸਤੰਬਰ ਨੂੰ ਪੂਰੇ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਵਸ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ 28 ਸਤੰਬਰ ਨੂੰ ਪੂਰੇ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਵਸ-ਡਿਪਟੀ ਕਮਿਸ਼ਨਰ
ਲੋਕਾਂ ਨੂੰ ਆਪਣੇ ਘਰਾਂ `ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਕੀਤੀ ਅਪੀਲ
ਵੱਖ-ਵੱਖ ਸਕੂਲਾਂ ਵਿੱਚ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਦੇਸ਼ ਭਗਤੀ ਦੀਆਂ ਕਰਵਾਈਆਂ ਜਾਣਗੀਆਂ ਪੇਸ਼ਕਾਰੀਆਂ
ਸ਼ਾਮ ਨੂੰ 7 ਵਜੇ ਤੋਂ ਨਗਰ ਕੌਸ਼ਲ ਦਫ਼ਤਰ ਤੋਂ ਐੱਸ. ਡੀ. ਐੱਮ ਦਫ਼ਤਰ ਤਰਨ ਤਾਰਨ ਤੱਕ ਕੱਢਿਆ ਜਾਵੇਗਾ ਕੈਂਡਲ ਲਾਈਟ ਮਾਰਚ
ਤਰਨ ਤਾਰਨ, 27 ਸਤੰਬਰ :
ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸਮਰਪਿਤ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ ।
ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਰਾਜ ਭਰ ਵਿੱਚ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ ਅਤੇ ਫੁੱਲ ਭੇਟ ਕੀਤੇ ਜਾਣਗੇ।
ਇਸ ਦੌਰਾਨ ਸਵੇਰੇ 7:15 ਵਜੇ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਤੋਂ ਰਨ ਫਾੱਰ ਫਰੀਡਮ ਤੇ ਸਾਈਕਲ ਰੈਲੀ ਕੱਢੀ ਜਾਵੇਗੀ ਅਤੇ ਸ਼ਾਮ ਨੂੰ 7 ਵਜੇ ਤੋਂ ਨਗਰ ਕੌਸ਼ਲ ਦਫ਼ਤਰ ਤਰਨ ਤਾਰਨ ਤੋਂ ਐੱਸ. ਡੀ. ਐੱਮ ਦਫ਼ਤਰ ਤਰਨ ਤਾਰਨ ਤੱਕ ਕੈਂਡਲ ਲਾਈਟ ਮਾਰਚ ਕੱਢਿਆ ਜਾਵੇਗਾ, ਜਿਸ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕ ਭਾਗ ਲੈਣਗੇ।ਇਸ ਤੋਂ ਇਲਾਵਾ ਮਾਤਾ ਗੰਗਾ ਗਰਲਜ਼ ਕਾਲਜ ਤਰਨ ਤਾਰਨ ਵਿਖੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਨੰੁ ਸਮਰਪਿਤ ਦੇਸ਼ ਭਗਤੀ ਦਾ ਨਾਟਕ ਵੀ ਖੇਡਿਆ ਜਾਵੇਗਾ।ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਖੇਡ ਵਿਭਾਗ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਟੀਅਮ ਤਰਨ ਤਾਰਨ ਵਿਖੇ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ `ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਮੌਕੇ ਸਾਰੀਆਂ ਮਹੱਤਵਪੂਰਨ ਇਤਿਹਾਸਕ ਤੇ ਸਰਕਾਰੀ ਇਮਾਰਤਾਂ ਨੂੰ ਰੁਸ਼ਨਾਇਆ ਜਾਵੇਗਾ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ “ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ” ਨੂੰ ਪ੍ਰੇਰਨਾ ਹਿੱਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਕੀਤਾ ਜਾਵੇਗਾ। ਇਸ ਦਿਨ ਸਕੂਲਾਂ ਵਿੱਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਆਦਰਸ਼ਾਂ ਉੱਤੇ ਸੰਬੋਧਨ ਕਰਵਾਉਣ ਲਈ ਸਿੱਖਿਆ ਵਿਭਾਗ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਨੂੰ ਉਹਨਾਂ ਦੇ 115ਵੇਂ ਜਨਮ ਦਿਵਸ ਉੱਤੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।