18 more Aam Aadmi Clinics to be opened in District Tarn Taran to provide better health services to the people-Deputy Commissioner
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਜਿਲ੍ਹਾ ਤਰਨ ਤਾਰਨ ਵਿੱਚ ਖੋਲ੍ਹੇ ਜਾਣਗੇ 18 ਹੋਰ ਆਮ ਆਦਮੀ ਕਲੀਨਿਕ-ਡਿਪਟੀ ਕਮਿਸ਼ਨਰ
ਤਰਨ ਤਾਰਨ , 25 ਨਵੰਬਰ :
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉੁਦੇਸ਼ ਨਾਲ ਜਿਲ੍ਹਾ ਤਰਨ ਤਾਰਨ ਵਿੱਚ ਜਨਵਰੀ, 2023 ਤੱਕ 18 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।
ਨਵੇਂ ਆਮ ਆਦਮੀ ਕਲੀਨਿਕ ਖੋਲਣ ਸਬੰਧੀ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਮ ਆਦਮੀ ਕਲੀਨਿਕ ਲਈ ਲੋੜੀਂਦੀ ਥਾਂ ਅਤੇ ਇਸ ਨੂੰ ਚਲਾਉਣ ਲਈ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਹਰ ਆਮ ਆਦਮੀ ਮੁਹੱਲਾ ਕਲੀਨਿਕ ਨੂੰ ਤਿਆਰ ਕਰਨ ਲਈ ਲੱਗਭੱਗ 25 ਲੱਖ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ ਅਤੇ ਇਸ ਮੰਤਵ ਲਈ ਸਬੰਧਤ ਸਰਕਾਰੀ ਮਹਿਕਮਿਆਂ ਨੂੰ ਐਸਟੀਮੇਟ ਤਿਆਰ ਕਰਨ ਲਈ ਹਦਾਇਤ ਜਾਰੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਹਿਲਾਂ ਹੀ 2 ਆਮ ਆਦਮੀ ਕਲੀਨਿਕ ਬਾਸਰਕੇ ਅਤੇ ਖਾਲੜਾ ਵਿਖੇ ਵਧੀਆ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਹਰੇਕ ਕਲੀਨਿਕ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਪਹੁੰਚ ਰਹੇ ਹਨ। ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਆਮ ਆਦਮੀ ਕਲੀਨਿਕ 25 ਜਨਵਰੀ 2023 ਤੱਕ ਮੁਕੰਮਲ ਹੋ ਜਾਣੇ ਚਾਹੀਦੇ ਹਨ ਅਤੇ ਇਸ ਕੰਮ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਬਣਨ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਉਨਾਂ ਦੇ ਘਰ ਦੇ ਨਜ਼ਦੀਕ ਹੀ ਪ੍ਰਾਪਤ ਹੋਣਗੀਆਂ। ਉਹਨਾਂ ਦੱਸਿਆ ਕਿ ਜਨਵਰੀ 2023 ਤੱਕ ਪੂਰੇ ਪੰਜਾਬ ਵਿੱਚ 521 ਆਮ ਆਦਮੀ ਕਲੀਨਿਕ ਲੋਕਾਂ ਦੀ ਸਹੂਲਤ ਲਈ ਕੰਮ ਕਰਨਾ ਸ਼ੁਰੂ ਕਰ ਦੇਣਗੇ ਅਤੇ ਇਨਾਂ ਕਲੀਨਿਕਾਂ ਵਿੱਚ ਮੁਫ਼ਤ ਦਵਾਈ ਦੇ ਨਾਲ-ਨਾਲ ਮਰੀਜਾਂ ਦੇ ਮੁਫ਼ਤ ਟੈਸਟ ਵੀ ਯਕੀਨੀ ਬਣਾਏ ਜਾਣਗੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਪਹਿਲਾਂ ਹੀ 100 ਥਾਵਾਂ ’ਤੇ ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ ਜੋ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੇ ਹਨ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਨੇੜਲੀਆਂ ਥਾਵਾਂ ’ਤੇ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਇਨਾਂ ਕਲੀਨਿਕਾਂ ਰਾਹੀਂ ਮਰੀਜ਼ਾਂ ਦੇ ਲਗਭਗ 41 ਵੱਖ-ਵੱਖ ਤਰਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕਰਕੇ ਰਿਪੋਰਟਾਂ ’ਤੇ ਆਧਾਰਤ 98 ਕਿਸਮ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਦਿਲਬਾਗ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ ਅਤੇ ਸਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।