ਬੰਦ ਕਰੋ

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ

ਪ੍ਰਕਾਸ਼ਨ ਦੀ ਮਿਤੀ : 26/12/2022
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 
 
ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ
 
ਤਰਨ ਤਾਰਨ , 24 ਦਸੰਬਰ :
 
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ  ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਰਨ ਤਾਰਨ ਅਤੇ ਸਰਕਾਰੀ ਹਾਈ ਸਕੂਲ ਠਰੂ ਆਦਿ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਅਧਿਆਪਕਾਂ ਨਾਲ ਲਗਾਤਾਰ ਰਾਬਤਾ ਰੱਖਣ ਤਾਂ ਜੋ ਬੱਚਿਆਂ ਦੀ ਵੱਖ-ਵੱਖ ਵਿਸ਼ਿਆਂ ਵਿੱਚ ਦਿਲਚਸਪੀ ਜਾਂ ਕਮਜ਼ੋਰੀ ਬਾਰੇ ਤੱਥ ਸਾਹਮਣੇ ਆਉਂਦੇ ਰਹਿਣ ਅਤੇ ਲੋੜ ਮੁਤਾਬਕ ਬੱਚਿਆਂ ਦੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ। 
ਡਿਪਟੀ ਕਮਿਸ਼ਨਰ  ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ  ਸਰਕਾਰੀ ਸਕੂਲਾਂ ਦਾ ਮਿਆਰ ਉਚਾ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਇਹ ਵਿਸ਼ਾਲ ਮਿਲਣੀ ਕਰਵਾਈ ਗਈ ਹੈ, ਤਾਂ ਜੋ ਮਾਪਿਆਂ ਰਾਹੀਂ ਮਿਲਣ ਵਾਲੇ ਸੁਝਾਵਾਂ ਨੂੰ ਅਮਲ ਵਿੱਚ ਲਿਆਉੰਦੇ ਹੋਏ ਹੋਰ ਵੀ ਸੁੁਧਾਰ ਯਕੀਨੀ ਬਣਾਏ ਜਾ ਸਕਣ। 
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਦੀ ਦਿਲਚਸਪੀ ਨੂੰ ਦੇਖਦਿਆਂ ਹੀ ਨਿਰੰਤਰ ਹੌਂਸਲਾ ਵਧਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਜਿੰਦਗੀ ਵਿੱਚ ਪੂਰੀ ਦ੍ਰਿੜਤਾ ਨਾਲ ਅੱਗੇ ਵਧ ਸਕਣ। ਉੁਹਨਾਂ ਸਮੂਹ ਅਧਿਆਪਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੀ ਸੌ ਫੀਸਦੀ ਹਾਜ਼ਰੀ ਯਕੀਨੀ ਬਣਾਉਣ ਲਈ ਲਗਾਤਾਰ ਮਾਪਿਆਂ ਨਾਲ ਸੰਪਰਕ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਖੇਡਾਂ ਤੇ ਸਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਲਈ ਵੀ ਯਤਨ ਜਾਰੀ ਰੱਖੇ ਜਾਣ।