ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਕਮੇਟੀ ਨੇ ਜ਼ਿਲ੍ਹਾ ਤਰਨ ਤਾਰਨ ਵਿੱਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਕਮੇਟੀ ਨੇ ਜ਼ਿਲ੍ਹਾ ਤਰਨ ਤਾਰਨ ਵਿੱਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਕਮੇਟੀ ਵੱਲੋਂ ਹਰੇਕ ਜਿਲ੍ਹੇ ਵਿੱਚ ਜਾ ਕੇ ਭਲਾਈ ਸਕੀਮਾਂ ਦੀ ਕੀਤੀ ਜਾਵੇਗੀ ਸਮੀਖਿਆ-ਚੇਅਰਮੈਨ ਸ੍ਰ. ਮਨਜੀਤ ਸਿੰਘ ਬਿਲਾਸਪੁਰ
ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਉਣ ਦੀ ਕੀਤੀ ਹਦਾਇਤ
ਤਰਨ ਤਾਰਨ, 04 ਜਨਵਰੀ :
ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਕਮੇਟੀ ਵੱਲੋਂ ਚੇਅਰਮੈਨ ਸ੍ਰ. ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਅੱਜ ਸਥਾਨਕ ਪੇਂਡੂ ਵਿਕਾਸ ਭਵਨ ਵਿਖੇ ਜ਼ਿਲ੍ਹਾ ਤਰਨ ਤਾਰਨ ਵਿੱਚ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਵਰਗ ਦੇ ਲੋਕਾਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਕਮੇਟੀ ਦੇ ਮੈਂਬਰ ਸਾਹਿਬਾਨ, ਸ੍ਰ. ਜਸਵਿੰਦਰ ਸਿੰਘ ਰਮਦਾਸ ਵਿਧਾਇਕ ਸ੍ਰ. ਦਲਬੀਰ ਸਿੰਘ ਟੌਂਗ ਵਿਧਾਇਕ, ਸ੍ਰੀ ਜੀਵਨ ਸਿੰਘ ਸੰਘੋਵਾਲ ਵਿਧਾਇਕ, ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਵਿਧਾਇਕ ਅਤੇ ਡਾ. ਨਛੱਤਰ ਪਾਲ ਵਿਧਾਇਕ ਤੋਂ ਇਲਾਵਾ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ, ਅਧੀਨ ਸਕੱਤਰ ਸ੍ਰ. ਨਰਿੰਦਰ ਸਿੰਘ ਭੱਟੀ, ਡਿਪਟੀ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਸ੍ਰੀ ਪਰਮਿੰਦਰ ਸਿੰਘ ਗਿੱਲ ਤੇ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਿਧਾਨ ਸਭਾ ਕਮੇਟੀ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੀਆਂ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਮਿਡ-ਡੇ-ਮੀਲ ਯੋਜਨਾ, ਐਸ. ਸੀ./ਐਸ. ਟੀ. ਐਕਟ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਮਗਨਰੇਗਾ ਸਕੀਮ, ਸਿਹਤ ਸਹੂਲਤਾਂ ਅਤੇ ਵੱਖ-ਵੱਖ ਪੈਨਸ਼ਨ ਸਕੀਮਾਂ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ ਗਈ।
ਇਸ ਮੌਕੇ ਭਲਾਈ ਕਮੇਟੀ ਦੇ ਚੇਅਰਮੈਨ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਲੋਕਾਂ ਨੂੰ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਪਿੰਡ ਜਾਂ ਪੰਚਾਇਤ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਲੋਕ ਇਹਨਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਭਲਾਈ ਕਮੇਟੀ ਵੱਲੋਂ ਹਰੇਕ ਜਿਲ੍ਹੇ ਵਿੱਚ ਜਾ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਵਿਧਾਨ ਸਭਾ ਸ਼ੈਸ਼ਨ ਵਿੱਚ ਜੋ ਕੰਮ ਬਕਾਇਆ ਰਹਿ ਜਾਂਦੇ ਹੈ, ਉਹ ਵਿਧਾਨ ਸਭਾ ਵੱਲੋਂ ਬਣਾਈਆਂ ਵੱਖ-ਵੱਖ ਕਮੇਟੀਆਂ ਨੂੰ ਸੌਂਪੇ ਜਾਂਦੇ ਹਨ।
ਉਨਾਂ ਦੱਸਿਆ ਕਿ ਵਿਧਾਨ ਸਭਾ ਕਮੇਟੀਆਂ ਵਿੱਚ ਸਾਰੀਆਂ ਰਾਜਸੀ ਪਾਰਟੀਆਂ ਦੇ ਵਿਧਾਇਕ ਸਾਹਿਬਾਨ ਸ਼ਾਮਲ ਹੁੰਦੇ ਹਨ ਅਤੇ ਕਮੇਟੀ ਵਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਨੂੰ ਸਰਕਾਰ ਤਰਜੀਹੀ ਆਧਾਰ ’ਤੇ ਸਵੀਕਾਰ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੀ ਪ੍ਰਤੀਨਿਧਤਾ ਕਰਦੀ ਹੈ ਅਤੇ ਸਾਨੂੰ ਜੋ ਜਿੰਮੇਵਾਰੀ ਵਿਧਾਨ ਸਭਾ ਨੇ ਸੌਂਪੀ ਹੈ, ਉਸਨੂੰ ਬਿਹਤਰ ਢੰਗ ਨਾਲ ਨਿਭਾਇਆ ਜਾਵੇਗਾ।
ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰ ਸਾਹਿਬਾਨ ਵੱਲੋਂ ਹਦਾਇਤ ਕੀਤੀ ਗਈ ਕਿ ਅਨੁਸੂਚਿਤ ਜਾਤੀ, ਪ੍ਰਛੜੀਆਂ ਸ਼੍ਰੇਣੀਆਂ ਤੇ ਆਮਦਨ ਸਬੰਧੀ ਸਰਟੀਫਿਕੇਟ ਬਣਾੳੇੁਣ ਲਈ ਸਕੂਲਾਂ ਵਿੱਚ ਵਿਸ਼ੇਸ ਕੈਂਪ ਲਗਾਏ ਜਾਣ ਤਾਂ ਜੋ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀ ਸਹੂਲਤਾਂ ਤੇ ਵਜ਼ੀਫੇ ਦਾ ਲਾਭ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਸਕੇ। ਇਸ ਮੌਕੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀਆਂ ਨੰੁ ਅਰਜ਼ੀ ਜਮ੍ਹਾਂ ਕਰਵਾਉਣ ਦੌਰਾਨ ਦਸਤਾਵੇਜ਼ਾਂ ਦੀ ਜਾਂਚ ਕਰਕੇ ਕਿਸੇ ਤਰ੍ਹਾਂ ਦੀ ਕੋਈ ਕਮੀ ਸਬੰਧੀ ਅਗਾਊਂ ਸੂਚਨਾ ਦਿੱਤੀ ਜਾਵੇ ਤਾਂ ਜੋ ਲਾਭਪਾਤਰੀ ਖੱਜਲ-ਖੁਆਰੀ ਤੋਂ ਬੱਚ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਨੇ ਸਮੂਹ ਕਮੇਟੀ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹਨਾਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡ ਪੱਧਰ ‘ਤੇ ਪਹੁੰਚ ਕਰਕੇ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ।