Special visit to Margindpura village of the district by Deputy Commissioner Mr. Rishipal Singh
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਜ਼ਿਲ੍ਹੇ ਦੇ ਪਿੰਡ ਮਰਗਿੰਦਪੁਰਾ ਦਾ ਵਿਸ਼ੇਸ ਦੌਰਾ
ਤਰਨ ਤਾਰਨ, 24 ਜਨਵਰੀ :
ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਘਰ ਦੇ ਨੇੜੇ ਮੁਹੱਈਆ ਕਰਵਾਉਣ ਕਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੇ ਪ੍ਰਵਾਸੀ ਭਾਰਤੀਆਂ ਦਾ ਧਿਆਨ ਵੀ ਖਿੱਚਿਆ ਹੈ।
ਪੰਜਾਬ ਸਰਕਾਰ ਵੱਲੋਂ ਆਪਣੀ ਤਰ੍ਹਾਂ ਦੇ ਸਿਹਤ ਮਾਡਲ ਵਿੱਚ ਹਿੱਸਾ ਪਾਉਣ ਲਈ ਪ੍ਰਵਾਸੀ ਭਾਰਤੀ ਖੁੱਲਦਿਲੀਂ ਨਾਲ ਅੱਗੇ ਆ ਰਹੇ ਹਨ।ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਜ਼ਿਲ੍ਹੇ ਦੇ ਪਿੰਡ ਮਰਗਿੰਦਪੁਰਾ ਦੇ ਪ੍ਰਵਾਸੀ ਭਾਰਤੀਆਂ ਸ੍ਰ. ਰਣਜੀਤ ਸਿੰਘ ਸੰਧੂ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਪਿੰਡ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਦੇਖਣ ਅਤੇ ਉਹਨਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਦਾ ਵਿਸ਼ੇਸ ਦੌਰਾ ਕੀਤਾ ਗਿਆ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਮਨਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਮਰਗਿੰਦਪੁਰਾ ਪ੍ਰਵਾਸੀ ਭਾਰਤੀਆਂ ਸ੍ਰ. ਰਣਜੀਤ ਸਿੰਘ ਸੰਧੂ ਅਤੇ ਪਰਿਵਾਰ ਵੱਲੋਂ ਆਪਣੇ ਸਪੁੱਤਰ ਗੁਰਲਾਲ ਸਿੰਘ ਦੀ ਯਾਦ ਵਿੱਚ ਪਿੰਡ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਲਈ ਪੂਰੀ ਇਮਾਰਤ ਜ਼ਿਲ੍ਹਾ ਪ੍ਰਸ਼ਾਸਨ ਸੌਂਪਣ ਦੇ ਪ੍ਰਸਤਾਵ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਅਗਲੇਰੀ ਕਾਰਵਾਈ ਲਈ ਲਿਖਤੀ ਰੂਪ ਵਿੱਚ ਭੇਜਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਪੰਜਾਬ ਦੀ ਤਰੱਕੀ ਵਿੱਚ ਪ੍ਰਵਾਸੀ ਪੰਜਾਬੀਆਂ ਦੇ ਪਾਏ ਯੋਗਦਾਨ ਨੂੰ ਲਾਮਿਸਾਲ ਕਰਾਰ ਦਿੰਦਿਆਂ ਕਿਹਾ ਕਿ ਇਹ ਕਦਮ ਹੋਰਨਾਂ ਲਈ ਰਾਹ ਦਸੇਰਾ ਸਾਬਿਤ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਪੰਜਾਬ ਸਰਕਾਰ ਵੱਲੋਂ 27 ਜਨਵਰੀ, 2023 ਨੂੰ 12 ਨਵੇਂ ਆਮ ਆਦਮੀ ਕਲੀਨਿਕ, ਅਲਗੋਂ ਕੋਠੀ, ਚੋਹਲਾ ਸਾਹਿਬ, ਡੇਹਰਾ ਸਾਹਿਬ, ਫਤਿਆਬਾਦ, ਗੋਇੰਦਵਾਲ ਸਾਹਿਬ, ਕਿਰਤੋਵਾਲ, ਪੰਡੋਰੀ ਰਣ ਸਿੰਘ, ਸਭਰਾ, ਸਰਾਏ ਅਮਾਨਤ ਖਾਂ, ਵਲਟੋਹਾ, ਡਾਲੇਕੇ ਅਤੇ ਅਰਬਨ ਪ੍ਰਾਇਮਰੀ ਹੈੱਲਥ ਸੈਂਟਰ ਮੁਰਾਦਪੁਰਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਜਿ਼ਲ੍ਹੇ ਵਿੱਚ ਖਾਲੜਾ ਅਤੇ ਬਾਸਰਕੇ ਵਿਖੇ 15 ਅਗਸਤ 2022 ਤੋਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਸਨ, ਜਿਸ ਵਿਚ ਤਾਇਨਾਤ ਸਟਾਫ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਮਰੀਜਾਂ ਨੂੰ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਆਮ ਆਦਮੀ ਕਲੀਨਿਕ ਵਿੱਚ 41 ਤਰ੍ਹਾਂ ਦੇ ਲੈਬ ਟੈਸਟ ਕੀਤੇ ਜਾਂਦੇ ਹਨ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜਾਂ ਨੂੰ ਮੁਹੱਈਆ ਕਰਵਾਈਆ ਜਾਂਦੀਆਂ ਹਨ। ਹੁਣ ਤੱਕ 20432 ਮਰੀਜਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ ਅਤੇ 601 ਮਰੀਜ਼ਾਂ ਦੇ ਲੈਬ ਟੈਸਟ ਹੋਏ ਹਨ।