Close

During the district level event organized on the occasion of Republic Day, Deputy Speaker Punjab Vidhan Sabha Sr. Jai. Krishna Singh Rodi raised the national flag

Publish Date : 27/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਜੈ. ਕ੍ਰਿਸ਼ਨ ਸਿੰਘ ਰੋੜੀ ਲਹਿਰਾਇਆ ਰਾਸ਼ਟਰੀ ਝੰਡਾ
ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 27 ਜਨਵਰੀ ਤੋਂ ਕੁੱਲ 500 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਕੀਤੇ ਜਾਣਗੇ ਸਮਰਪਿਤ-ਸ੍ਰ. ਜੈ. ਕ੍ਰਿਸ਼ਨ ਸਿੰਘ ਰੋੜੀ
ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਗਈਆਂ ਝਾਕੀਆਂ ਵੀ ਬਣੀਆਂ ਖਿੱਚ ਦਾ ਕੇਂਦਰ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਕੀਤੀ ਗਈ
ਪੇਸ਼ਕਾਰੀ
ਡਿਪਟੀ ਸਪੀਕਰ ਨੇ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤ
ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਸਨਮਾਨਿਤ
ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਵੰਡੇ ਟਰਾਈ ਸਾਈਕਲ
ਤਰਨ ਤਾਰਨ, 26 ਜਨਵਰੀ :
ਦੇਸ਼ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਉਨ੍ਹਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨਾਂ ਬਹਾਦਰ ਸੂਰਬੀਰਾਂ ਨੂੰ ਵਧਾਈ ਦਿੱਤੀ, ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। ਡਿਪਟੀ ਸਪੀਕਰ ਨੇ ਤਰਨ ਤਾਰਨ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨ `ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲੇ ਦਸ ਮਹੀਨਿਆਂ ਵਿੱਚ ਹੀ ਲੋਕ ਹਿਤਾਂ ਲਈ ਇਤਿਹਾਸਕ ਫੈਸਲੇ ਲੈਂਦੇ ਹੋਏ ਸਫਲਤਾ ਨਾਲ ਲਾਗੂ ਕੀਤੇ ਹਨ ਜਿਨ੍ਹਾਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਜ਼ੀਰੋ ਟੋਲਰੈਂਸ ਨੀਤੀ, ਸੂਬੇ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਆਦਿ ਵੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਸਫਲਤਾ ਨਾਲ ਲਾਗੂ ਕਰਕੇ ਸਰਕਾਰ ਨੇ ਸਰਕਾਰੀ ਪੈਸੇ ਨੂੰ ਬਚਾਇਆ ਹੈ ਅਤੇ ਇਹ ਪੈਸਾ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ।
ਸ੍ਰ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 27 ਜਨਵਰੀ ਤੋਂ ਕੁੱਲ 500 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ 27 ਜਨਵਰੀ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ 12 ਨਵੇਂ ਮੁਹੱਲਾ ਕਲੀਨਿਕ, ਅਲਗੋਂ ਕੋਠੀ, ਚੋਹਲਾ ਸਾਹਿਬ, ਡੇਹਰਾ ਸਾਹਿਬ, ਫਤਿਆਬਾਦ, ਗੋਇੰਦਵਾਲ ਸਾਹਿਬ, ਕਿਰਤੋਵਾਲ, ਪੰਡੋਰੀ ਰਣ ਸਿੰਘ, ਸਭਰਾ, ਸਰਾਏ ਅਮਾਨਤ ਖਾਂ, ਵਲਟੋਹਾ, ਡਾਲੇਕੇ ਅਤੇ ਅਰਬਨ ਪ੍ਰਾਇਮਰੀ ਹੈੱਲਥ ਸੈਂਟਰ ਮੁਰਾਦਪੁਰਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਖੇਡ ਵਿਭਾਗ ਪੰਜਾਬ ਨੇ ਬਲਾਕ ਤੋਂ ਸੂਬਾ ਪੱਧਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਵਾਈਆਂ ਜਿਸ ਵਿਚ 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ।
ਡਿਪਟੀ ਸਪੀਕਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ ਸਰਕਾਰ ਨੇ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਜ਼ਰੂਰੀ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਆਪਣੇ ਭਾਸ਼ਣ ਦੌਰਾਨ ਸ੍ਰ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।ਇਸ ਦਿਨ ਭਾਰਤ ਨੂੰ ਪੂਰਨ ਗਣਤੰਤਰ ਐਲਾਨ ਕੀਤਾ ਗਿਆ, ਸੋ ਅੱਜ ਸਾਡੇ ਸੰਵਿਧਾਨ ਨੂੰ ਲਾਗੂ ਹੋਇਆ 73 ਸਾਲ ਪੂਰੇ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।
ਇਸ ਤੋਂ ਪਹਿਲਾਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ. ਜੈ ਕ੍ਰਿਸ਼ਨ ਸਿੰਘ ਰੋੜੀ ਨੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ।ਇਸ ਮੌਕੇ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਗਈਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।
ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਵੱਖ-ਵੱਖ ਸਕੂਲਾਂ ਦੀਆਂ ਵਿਦਿਆਰਥਣਾਂ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤ ਗਿਆ ਲੋਕ ਨਾਚ ਗਿੱਧਾ ਤੇ ਭੰਗੜਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ।
ਸਮਾਗਮ ਦੌਰਾਨ ਡਿਪਟੀ ਸਪੀਕਰ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ।ਇਸ ਮੌਕੇ ਡਿਪਟੀ ਸਪੀਕਰ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਾਮਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਵੱਲੋਂ ਡਿਪਟੀ ਸਪੀਕਰ ਨੂੰ ਵਿਸ਼ੇਸ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਮਿਤੀ 27 ਜਨਵਰੀ ਨੂੰ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ, ਆਈ. ਜੀ. ਐੱਸ. ਟੀ. ਐੱਫ਼ ਸ੍ਰੀ ਆਰ ਕੇ. ਜਾਇਸਵਾਲ, ਐੱਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਸ਼ਰਮਾ, ਅਤੇ ਜ਼ਿਲ੍ਹਾ ਮਾਲ ਅਫ਼ਸ਼ਰ ਸ੍ਰੀ ਅਦਿਤਿਆ ਗੁਪਤਾ ਤੋਂ ਇਲਾਵਾ ਜੁਡੀਸ਼ੀਅਲ, ਪ੍ਰਸ਼ਾਸਨਿਕ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਅਤੇ ਵੱਡੀ ਗਿਣਤੀ ‘ਚ ਪਤਵੰਤੇ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।