Deputy Commissioner’s invitation to build a public movement for the use of Punjabi language in daily life on the occasion of International Mother Language Day.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਦੇ ਮੌਕੇ ‘ਤੇ ਪੰਜਾਬੀ ਭਾਸ਼ਾ ਦੀ ਰੋਜ਼ਮਰਾ ਜੀਵਨ ਵਿੱਚ ਵਰਤੋਂ ਲਈ ਲੋਕ ਲਹਿਰ ਉਸਾਰਨ ਦਾ ਸੱਦਾ
ਸਰਕਾਰ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਭਾਗੀਦਾਰ ਬਣਨ ਦੀ ਲੋਕਾਂ ਨੰੁ ਕੀਤੀ ਅਪੀਲ
ਤਰਨ ਤਾਰਨ, 21 ਫਰਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਦੇ ਮੌਕੇ ‘ਤੇ ਪੰਜਾਬੀ ਭਾਸ਼ਾ ਦੀ ਰੋਜ਼ਮਰਾ ਜੀਵਨ ਵਿੱਚ ਵਰਤੋਂ ਲਈ ਲੋਕ ਲਹਿਰ ਉਸਾਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਮਾਂ ਬੋਲੀ ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਹਰੇਕ ਕੌਮ ਦੀ ਮਾਂ ਬੋਲੀ ਹੀ ਉਸ ਕੌਮ ਦੇ ਮਨੁੱਖੀ ਵਿਕਾਸ ਦਾ ਅਧਾਰ ਬਣਦੀ ਹੈ।
ਉਨ੍ਹਾਂ ਨੇ ਕਿਹਾ ਕਿ ਸਾਡੀ ਮਾਂ ਬੋਲੀ ਪੰਜਾਬੀ ਬਹੁਤ ਹੀ ਅਮੀਰ ਹੈ ਅਤੇ ਇਸ ਵਿੱਚ ਸਾਡੇ ਗੁਰੂ ਸਹਿਬਾਨ ਵੱਲੋਂ ਬਾਣੀ ਦੀ ਰਚਨਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਾਹਿਤ ਦਾ ਵੱਡਾ ਸੋਮਾ ਹੈ, ਜਿਸ ਨੂੰ ਪੜ੍ਹ ਕੇ ਅਸੀਂ ਜਿੰਦਗੀ ਵਿਚ ਸਫਲ ਅਤੇ ਚੰਗੇ ਇਨਸਾਨ ਬਣ ਸਕਦੇ ਹਾਂ।
ਉਹਨਾਂ ਕਿਹਾ ਕਿ 21 ਫਰਵਰੀ ਨੂੰ ਦੁਨੀਆਂ ਭਰ ਵਿੱਚ ਲੋਕ ਆਪਣੀ ਮਾਂ ਬੋਲੀ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰਨ ਲਈ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਉਂਦੇ ਹਨ।ਇਸ ਸ਼ੁੱੁਭ ਦਿਨ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਆਪਣੀਆਂ ਸ਼ੱੁਭ-ਕਾਮਨਾਵਾਂ ਭੇਂਟ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਂ-ਬੋਲੀ ਪੰਜਾਬੀ ਜੋ ਕਿ ਸਾਡੇ ਸੂਬੇ ਦੀ ਰਾਜ ਭਾਸ਼ਾ ਵੀ ਹੈ, ਨੂੰ ਪ੍ਰਫੁੱਲਿਤ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਇੰਨ੍ਹਾਂ ਉਪਰਾਲਿਆਂ ਵਿਚ ਭਾਗੀਦਾਰ ਬਣਨ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਲੋਕ ਆਪਣੇ ਅਦਾਰਿਆਂ ਦੇ ਨਾਂਅ ਪੰਜਾਬੀ ਵਿੱਚ ਲਿਖਣ ਨੂੰ ਤਰਜੀਹ ਦੇਣ।ਉਹਨਾਂ ਕਿਹਾ ਕਿ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਦੇ ਉਪਰਾਲਿਆਂ ਦੇ ਨਾਲ-ਨਾਲ ਸਾਨੂੰ ਖੁਦ ਨੂੰ ਵੀ ਮਾਂ ਬੋਲੀ ਦੀ ਤਰੱਕੀ ਲਈ ਸੁਹਿਰਦ ਕੋਸਿ਼ਸਾਂ ਕਰਨੀਆਂ ਚਾਹੀਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੀ ਨਿੱਤ ਜੀਵਨ ਵਿੱਚ ਵਰਤੋਂ ਅਤੇ ਦੁਕਾਨਾਂ, ਵਪਾਰਕ ਅਦਾਰਿਆਂ ਦੇ ਸਾਈਨ ਬੋਰਡ, ਸਰਕਾਰੀ ਦਫਤਰਾਂ ਦਾ ਕੰਮਕਾਜ ਪੰਜਾਬੀ ਵਿੱਚ ਕੀਤਾ ਜਾਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਿਆਪਕ ਯੋਜਨਾਬੰਦੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੁਕਾਨਾਂ, ਵਪਾਰਕ ਅਦਾਰਿਆਂ ਦੇ ਸਾਈਨ ਬੋਰਡ, ਨੇਮ ਪਲੇਟਾਂ ਪੰਜਾਬੀ ਵਿੱਚ ਲਿਖਣ ਲਈ ਸਬੰਧਿਤ ਵਿਭਾਗਾਂ ਨੂੰ ਉਨ੍ਹਾਂ ਤੱਕ ਪਹੁੰਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਵਿਭਾਗ ਆਪੋ-ਆਪਣਾ ਦਫਤਰੀ ਕੰਮ-ਕਾਜ ਪੰਜਾਬੀ ਵਿੱਚ ਕਰਨਾ ਯਕੀਨੀ ਬਣਾਉਣ ।