Close

During the special camp organized under the campaign “Punjab Government, Your Door”, people arrived in large numbers and took advantage of various government schemes: Deputy Commissioner

Publish Date : 01/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਲਗਾਏ ਗਏ ਵਿਸ਼ੇਸ ਕੈਂਪ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਿਆ ਲਾਹਾ-ਡਿਪਟੀ ਕਮਿਸ਼ਨਰ
ਕੈਂਪ ਦੌਰਾਨ 2 ਦਿਨਾਂ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 4700 ਤੋਂ ਵੱਧ ਪ੍ਰਾਪਤ ਹੋਈਆਂ ਦਰਖਾਸਤਾਂ
ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਵੀ ਕੈਂਪ ਵਿੱਚ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਿੰਡ-ਪਿੰਡ ਪਹੁੰਚ ਕਰਕੇ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ-ਡਾ. ਕਸ਼ਮੀਰ ਸਿੰਘ ਸੋਹਲ
ਝਬਾਲ (ਤਰਨ ਤਾਰਨ), 28 ਫ਼ਰਵਰੀ :
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਲਗਾਏ ਗਏ 2 ਦਿਨਾਂ ਵਿਸ਼ੇਸ਼ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਹਾ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ 2 ਦਿਨਾਂ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਿਤ 4700 ਤੋਂ ਵੱਧ ਦਰਖਾਸਤਾਂ ਪ੍ਰਾਪਤ ਹੋਈਆਂ। ਉਹਨਾਂ ਕਿਹਾ ਕਿ ਇਹਨਾਂ ਦਰਖਾਸਤਾਂ ਦੇ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਲੈ ਕੇ ਪਹੁੰਚੇ।ਉਹਨਾਂ ਕਿਹਾ ਕਿ ਇਸ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣੀਆਂ ਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਸਮੇਂ ਸਿਰ ਲਾਭ ਦੇਣ ਲਈ ਬਿਨੈ-ਪੱਤਰ ਪ੍ਰਾਪਤ ਕੀਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਪੱਟੀ ਅਤੇ ਖਡੂਰ ਸਾਹਿਬ ਵਿਖੇ ਵੀ ਐੱਸ. ਡੀ. ਐੱਮਜ਼ ਦੀ ਅਗਵਾਈ ਹੇਠ ਵਿਸ਼ੇਸ ਕੈਂਪ ਲਗਾਏ ਗਏ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਬ-ਡਵੀਜ਼ਨ ਅਤੇ ਬਲਾਕ ਪੱਧਰ ‘ਤੇ ਵੀ ਅਜਿਹੇ ਕੈਂਪ ਆਯੋਜਤ ਕੀਤੇ ਜਾਣਗੇ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ।
ਇਸ ਦੌਰਾਨ ਕੈਂਪ ਵਿੱਚ ਵਿਸ਼ੇਸ ਤੌਰ ‘ਤੇ ਪਹੁੰਚੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣੀਆਂ ਗਈਆਂ ਹਨ।ਉਹਨਾਂ ਕਿਹਾ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਪਿੰਡ-ਪਿੰਡ ਪਹੁੰਚ ਕਰਕੇ ਇਸ ਤਰਾਂ ਦੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮਿਲ ਸਕਣ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।