New admissions of 4941 students took place in Tarn Taran district on the same day
Publish Date : 13/03/2023
ਦਾਖ਼ਲਿਆਂ ਦਾ ਮਹਾਂ-ਅਭਿਆਨ
ਤਰਨ ਤਾਰਨ ਜ਼ਿਲ੍ਹੇ ‘ਚ ਇੱਕੋ ਦਿਨ ਹੋਏ 4941 ਵਿਦਿਆਰਥੀਆਂ ਦੇ ਨਵੇਂ ਦਾਖਲੇ
ਬਲਾਕ ਭਿੱਖੀਵਿੰਡ ਨੇ 685 ਦਾਖਲੇ ਕਰਕੇ ਕੀਤੀ ਮਿਸਾਲ ਕਾਇਮ
ਤਰਨ ਤਾਰਨ, 11 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਤਰਨ ਤਾਰਨ ਦੇ ਮਾਪਿਆਂ ਨੇ ਮਿਸਾਲੀ ਹੁੰਗਾਰਾ ਦਿੱਤਾ। ਬੀਤੇ ਕੱਲ ਇੱਕੋ ਦਿਨ ਵਿੱਚ ਜ਼ਿਲੇ ਦੇ ਸਕੂਲਾਂ ਵਿੱਚ 4941 ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਨੇ 1 ਦਿਨ ਵਿੱਚ 1 ਲੱਖ ਨਵੇਂ ਦਾਖਲੇ ਕਰਨ ਦਾ ਟੀਚਾ ਮਿਥਿਆ ਸੀ ਜਿਸਦੇ ਤਹਿਤ ਹਰੇਕ ਅਧਿਆਪਕ, ਨਾਨ ਟੀਚਿੰਗ ਸਟਾਫ ਅਤੇ ਮਿਡ-ਡੇ-ਮੀਲ ਵਰਕਰ ਨੇ ਘੱਟੋ ਘੱਟ ਇੱਕ-ਇੱਕ ਨਵਾਂ ਵਿਦਿਆਰਥੀ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣਾ ਸੀ।
ਤਰਨ ਤਾਰਨ ਦੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ੍ਰ ਸਤਿਨਾਮ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ. ਜਗਵਿੰਦਰ ਸਿੰਘ ਲਹਿਰੀ ਨੇ ਦੱਸਿਆ ਕਿ ਵਿਭਾਗੀ ਟੀਚੇ ਅਨੁਸਾਰ ਜ਼ਿਲੇ ਵਿੱਚ 4738 ਨਵੇਂ ਵਿਦਿਆਰਥੀ ਦਾਖਲ ਕਰਨੇ ਸਨ ਪਰ ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ 4941 ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ। ਵੱਖ ਵੱਖ ਜ਼ਿਲਾ ਟੀਮਾਂ ਸਮੇਤ ਬਹੁਤ ਸਾਰੇ ਅਧਿਆਪਕਾਂ ਨੇ ਤਾਂ ਸਵੇਰੇ 8 ਵਜੇ ਤੋਂ ਦੇਰ ਰਾਤ ਤੱਕ ਗਲੀ-ਮੁਹੱਲਿਆਂ ਅਤੇ ਸਲੱਮ ਏਰੀਏ ਤੱਕ ਪਹੁੰਚ ਕਰਕੇ ਦਾਖਲੇ ਕੀਤੇ।
ਪ੍ਰਾਪਤ ਵੇਰਵਿਆਂ ਅਨੁਸਾਰ ਤਰਨ ਤਾਰਨ ਜ਼ਿਲੇ ਵਿੱਚ ਕੱਲ ਇੱਕੋ ਦਿਨ ਵਿੱਚ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਵਿੱਚ 2731, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 843, ਛੇਵੀਂ ਤੋਂ ਅੱਠਵੀਂ ਜਮਾਤ ਵਿੱਚ 680, ਨੌਂਵੀਂ ਤੋਂ ਦਸਵੀਂ ਜਮਾਤ ਵਿੱਚ 371, ਅਤੇ ਗਿਆਰਵੀਂ ਤੋਂ ਬਾਰਵੀਂ ਜਮਾਤ ਵਿੱਚ 316 ਵਿਦਿਆਰਥੀਆਂ ਨੇ ਨਵੇਂ ਦਾਖਲੇ ਹੋਏ।
ਸੈਕੰਡਰੀ ਤੇ ਐਲੀਮੈਂਟਰੀ ਦੇ ਉਪ ਜ਼ਿਲਾ ਸਿੱਖਿਆ ਅਫਸਰਾਂ ਸ. ਗੁਰਬਚਨ ਸਿੰਘ ਲਾਲੀ ਅਤੇ ਸ. ਪਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਵਿੱਦਿਅਕ ਬਲਾਕਾਂ ਵਿੱਚ ਦਾਖਲਿਆਂ ਨੂੰ ਲੈ ਕੇ ਤਿਓਹਾਰ ਵਰਗਾ ਮਾਹੌਲ ਬਣਿਆ ਰਿਹਾ। ਬਲਾਕ ਭਿੱਖੀਵਿੰਡ ਨੇ ਰਿਕਾਰਡ ਕਾਇਮ ਕਰਦਿਆਂ 678 ਪ੍ਰਾਇਮਰੀ ਬੱਚੇ ਦਾਖਲੇ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਭਿੱਖੀਵਿੰਡ ਪਿੰਡ ਦੇ ਮੁੱਖ ਅਧਿਆਪਕ ਬਲਰਾਜ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਖੇਮਕਰਨ 1ਦੇ ਮੁੱਖ ਅਧਿਆਪਕ ਅਮਨਦੀਪ ਸਿੰਘ ਅਤੇ ਜਹਾਂਗੀਰ ਦੇ ਮੁੱਖ ਅਧਿਆਪਕ ਮਿਹਰਪਾਲ ਸਿੰਘ ਨੇ ਆਪਣੇ ਸਟਾਫ ਨਾਲ ਮਿਲ ਕੇ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਵਾਧਾ ਕੀਤਾ । ਸੈਕੰਡਰੀ ਸਕੂਲ ਲੜਕੀਆਂ ਪੱਟੀ ਦੇ ਪ੍ਰਿੰਸੀਪਲ ਸ੍ਰੀ ਵਿਜੈ ਕੁਮਾਰ ਅਨੁਸਾਰ 85 ਨਵੇਂ ਦਾਖਲੇ ਅਤੇ ਪ੍ਰਾਇਮਰੀ ਸਕੂਲ ਫਤਿਆਬਾਦ ਦੀ ਸੈਂਟਰ ਹੈਡ ਅਧਿਆਪਕਾ ਸੁਖਬੀਰ ਕੌਰ ਨੇ 68 ਨਵੇਂ ਦਾਖਲੇ ਕਰਨ ਬਾਰੇ ਦੱਸਿਆ।
ਬਲਾਕ ਭਿੱਖੀਵਿੰਡ ਦੇ ਸਮੂਹ ਅਧਿਆਪਕਾਂ ਸਮੇਤ ਹਰੇਕ ਬਲਾਕ ਦੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਸਬੰਧੀ ਪ੍ਰੇਰਿਤ ਵੀ ਕੀਤਾ।
ਸ੍ਰੀ ਨੀਰਜ ਸੇਠੀ ਸੈਂਟਰ ਹੈਡ ਟੀਚਰ ਅਨੁਸਾਰ ਸਿੱਖਿਆ ਵਿਭਾਗ ਦੇ ਇਸ ਨਿਵੇਕਲੇ ਉਪਰਾਲੇ ਨੇ ਵਿਦਿਆਰਥੀਆਂ ਦੇ ਸਿਰਫ ਨਵੇਂ ਦਾਖਲੇ ਹੀ ਨਹੀਂ ਕੀਤੇ ਸਗੋਂ ਨਵੀਂ ਰੂਹ ਵੀ ਫੂਕੀ ਹੈ ਜਿਸਦੇ ਬਹੁਤ ਸਾਰਥਕ ਨਤੀਜੇ ਮਿਲਣਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।