Close

Registration of 13,574 new students from pre-primary to twelfth standard in government schools of district Tarn Taran so far-Deputy Commissioner

Publish Date : 03/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ ਹੁਣ ਤੱਕ 13,574 ਨਵੇਂ ਵਿਦਿਆਰਥੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
ਤਰਨ ਤਾਰਨ, 29 ਮਾਰਚ :
ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ ਹੁਣ ਤੱਕ ਕੁੱਲ 13,574 ਨਵੇਂ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਤਰਨ ਤਾਰਨ ਜ਼ਿਲੇ ਵਿੱਚ ਹੁਣ ਤੱਕ ਨਵੇਂ ਸ਼ੈਸ਼ਨ ਲਈ ਦਾਖਲ ਕੀਤੇ ਗਏ ਵਿਦਿਆਰਥੀਆਂ ਦੀ ਗਿਣਤੀ, ਐੱਲ. ਕੇ. ਜੀ. ਅਤੇ ਯੂ. ਕੇ. ਜੀ. ਵਿੱਚ 7460, ਪਹਿਲੀ ਤੋਂ ਪੰਜਵੀਂ ਜਮਾਤ ਵਿੱਚ 2076, ਛੇਵੀਂ ਤੋਂ ਅੱਠਵੀਂ ਜਮਾਤ ਵਿੱਚ 2644, ਨੌਵੀਂ ਤੋਂ ਦਸਵੀਂ ਜਮਾਤ ਵਿੱਚ 893 ਅਤੇ ਗਿਆਰਵੀਂ ਤੋਂ ਬਾਰਵੀਂ ਜਮਾਤ ਵਿੱਚ 501 ਹੋ ਗਈ ਹੈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਤਰਨ ਤਾਰਨ ਦੇ ਮਾਪਿਆਂ ਵੱਲੋਂ ਮਿਸਾਲੀ ਹੁੰਗਾਰਾ ਦਿੱਤਾ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸੀ੍ਰ ਸਤਿਨਾਮ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ. ਜਗਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲੇ ਦੇ ਸਮੂਹ ਅਧਿਆਪਕ ਲਗਾਤਾਰ ਆਪਣੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਨਵੇਂ ਵਿਦਿਆਰਥੀ ਦਾਖਲ ਕਰ ਰਹੇ ਹਨ।ਸਮੁੱਚੇ ਅਧਿਆਪਕਾਂ ਦੀ ਮਿਹਨਤ ਸਦਕਾ ਇਹ ਅੰਕੜਾ ਜਮਾਤਵਾਰ ਲਗਾਤਾਰ ਵਧ ਰਿਹਾ ਹੈ।ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਅਧਿਆਪਕ ਵਰਗ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਹਨਾਂ ਕਿਹਾ ਕਿ ਤਰਨ ਤਾਰਨ, ਪੱਟੀ ਨੰਬਰ 1, ਵਲਟੋਹਾ, ਨੂਰਦੀ, ਚੋਹਲਾ ਸਾਹਿਬ ਅਤੇ ਖਡੂਰ ਸਾਹਿਬ ਬਲਾਕ ਦੇ ਅਧਿਆਪਕਾਂ ਨੇ ਇੱਟਾਂ ਦੇ ਭੱਠਿਆਂ ਅਤੇ ਉਦਯੋਗਿਕ ਅਦਾਰਿਆਂ ਤੱਕ ਪਹੁੰਚ ਕਰਕੇ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦੇ ਕੇ ਦਾਖਲਿਆਂ ਵਿੱਚ ਬਹੁਤ ਵਾਧਾ ਕੀਤਾ ਹੈ ।
ਜ਼ਿਲ੍ਹੇ ਵਿੱਚ ਦਾਖ਼ਲਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਵਾਸਤੇ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਸਰਕਾਰੀ ਸਕੂਲ ਦੇ ਬਾਹਰ ਮੇਨ ਗੇਟ ਤੇ ਦਾਖਲਾ ਬੂਥ ਲਾਉਣ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿੱਥੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਰੋਜ਼ਾਨਾ ਡਿਊਟੀ ‘ਤੇ ਬੈਠੇਗਾ ਅਤੇ ਰਜਿਸਟਰ ‘ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।