ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ
ਤਰਨ ਤਾਰਨ, 17 ਅਪ੍ਰੈਲ :
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਮਈ, 2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਨੈਸ਼ਨਲ, ਪ੍ਰੀ ਅਤੇ ਮਾਸਿਕ ਲੋਕ ਅਦਾਲਤ ਵਿੱਚ ਦੋਨਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਇਸ ਸੰਬੰਧ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਪ੍ਰਤਿਮਾ ਅਰੋੜਾ ਵੱਲੋਂ ਅੱਜ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਲਈ ਜ਼ਿਲ੍ਹੇ ਦੇ ਡੀ. ਡੀ. ਪੀ. ਓ, ਬੀ. ਡੀ. ਪੀ. ਓਜ਼, ਸੀ. ਡੀ. ਪੀ. ਓ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ ਕੀਤੀ ਗਈ।
ਜੱਜ ਸਾਹਿਬ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਅਤੇ ਸਕੂਲਾਂ ਵਿੱਚ 13 ਮਈ, 2023 ਨੂੰ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਉਹਨਾਂ ਦੱਸਿਆ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿੱਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਦੇ ਸਕਦਾ ਹੈ।
ਉਹਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉੱਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ ਵਿੱਚ ਕਿਸੇ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ।ਇਹ ਨੈਸ਼ਨਲ ਲੋਕ ਅਦਾਲਤ ਇਸ ਵਾਰ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ ਲੱਗ ਰਹੀ ਹੈ।ਇਸ ਸਬੰਧੀ ਜ਼ਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਨੰਬਰ 01852-223291 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।