The procurement process of wheat in district Tarn Taran has reached the final stage-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚੀ-ਡਿਪਟੀ ਕਮਿਸ਼ਨਰ
ਹੁਣ ਤੱਕ ਜ਼ਿਲ੍ਹੇ ਵਿੱਚ 7,41,496 ਮੀਟ੍ਰਿਕ ਟਨ ਕਣਕ ਦੀ ਹੋਈ ਰਿਕਾਰਡ ਖਰੀਦ
ਖਰੀਦੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1517 ਕਰੋੜ 85 ਲੱਖ ਰੁਪਏ ਦੀ ਅਦਾਇਗੀ
ਮੰਡੀਆਂ ਵਿੱਚੋਂ ਹੋ ਚੁੱਕੀ ਹੈ ਲੱਗਭੱਗ 80 ਫੀਸਦੀ ਤੋਂ ਵੱਧ ਕਣਕ ਦੀ ਚੁਕਾਈ
ਤਰਨ ਤਾਰਨ, 20 ਮਈ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਹੁਣ ਤੱਕ 7,41,496 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ ਹੈ।ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 6,18,376 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਪਿਛਲੇ ਸਾਲ ਨਾਲੋਂ ਕਣਕ ਦੀ ਖਰੀਦ ਵਿਚ 19.91 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਲੱਗਭੱਗ 80 ਫੀਸਦੀ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਹੋ ਗਈ ਹੈ ਅਤੇ ਹੁਣ ਤੱਕ 5,85,532 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦੀ ਫਸਲ ਦੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਈ ਗਈ ਹੈ ਅਤੇ ਅੱਜ ਤੱਕ 1517 ਕਰੋੜ 85 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ ਅੱਜ ਤੱਕ ਪਨਗਰੇਨ ਵੱਲੋਂ 2,43,683 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,84,326 ਮੀਟ੍ਰਿਕ ਟਨ, ਪਨਸਪ ਵੱਲੋਂ 1,76,561 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,11,068 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 15,072 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 10,787 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।