Mrs. Baldeep Kaur I.A.S. assumed the post as Deputy Commissioner Tarn Taran
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸ਼੍ਰੀਮਤੀ ਬਲਦੀਪ ਕੌਰ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ
ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾਸ਼੍ਰੀਮਤੀ ਬਲਦੀਪ ਕੌਰ
ਤਰਨ ਤਾਰਨ, 19 ਜੂਨ :
ਸ਼੍ਰੀਮਤੀ ਬਲਦੀਪ ਕੌਰ, ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਆਈ. ਏ. ਐੱਸ. ਅਧਿਕਾਰੀ ਸ਼੍ਰੀਮਤੀ ਬਲਦੀਪ ਕੌਰ ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।
ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚਣ ‘ਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਦਿਤਿਆ ਗੁਪਤਾ ਅਤੇ ਤਹਿਸੀਲਦਾਰ ਸ੍ਰੀ ਰਾਕੇਸ਼ ਗਰਗ ਤੋਂ ਇਲਾਵਾ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਬਲਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਭਲਾਈ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ।
ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰੰਮ ਦੀ ਗੁਣਵੱਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਤਰਨ ਤਾਰਨ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਬਾਰਡਰ ਸਕਿਊਰਿਟੀ ਫੋਰਸ ਨਾਲ ਬਿਹਤਰ ਤਾਲਮੇਲ ਬਣਾ ਕੇ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੰੁ ਦੂਰ ਕੀਤਾ ਜਾਵੇਗਾ।