ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ
ਡਿਊਟੀ ਵਿੱਚ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ-ਸ੍ਰੀਮਤੀ ਬਲਦੀਪ ਕੌਰ
ਤਰਨ ਤਾਰਨ, 20 ਜੂਨ :
ਜ਼ਿਲ੍ਹਾ ਤਰਨ ਤਾਰਨ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ ਖੁਆਰ ਅਤੇ ਡਿਊਟੀ ਵਿੱਚ ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਬਣਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੇ ਸਾਰੇ ਸਰਕਾਰੀ ਵਿਭਾਗਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਗੱਲ ਨੂੰ ਸੰਬੰਧਿਤ ਵਿਭਾਗਾਂ ਦੇ ਮੁਖੀ ਯਕੀਨੀ ਬਣਾਉਣਗੇ ਅਤੇ ਲੋਕਾਂ ਦੇ ਕੰਮਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਤਰਨਤਾਰਨ ਸ਼ਹਿਰ ਵਿਚ ਟ੍ਰੈਫ਼ਿਕ ਸਮੱਸਿਆ ਲੰਮੇ ਸਮੇਂ ਤੋਂ ਹੱਲ ਨਹੀਂ ਹੋ ਰਹੀ। ਇਸ ਸੰਬੰਧੀ ਉਹ ਤਰਨ ਤਾਰਨ ਦੇ ਐੱਸ. ਐੱਸ. ਪੀ. ਤਰਨ ਤਾਰਨ, ਐੱਸ. ਡੀ. ਐੱਮ. ਅਤੇ ਹੋਰਨਾਂ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋਕਾਂ ਦੀਆਂ ਸਮੱਸਿਆ ਨੂੰ ਹੱਲ ਕਰਵਾਉਣਗੇ ਕਿਉਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਨਗਰੀ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਸ਼ਹਿਰ ਵਿਚ ਸਫ਼ਾਈ ਵਿਵਸਥਾ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਵੀ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।
ਉਹਨਾਂ ਕਿਹਾ ਕਿ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ। ਤਰਨ ਤਾਰਨ ਜ਼ਿਲ੍ਹੇ ਵਿਚ ਨਸ਼ੇ ਉਪਰ ਕਾਬੂ ਪਾਉਣ ਲਈ ਪੁਲਿਸ ਵਲੋਂ ਸਖ਼ਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਨਸ਼ਾ ਕਰਨ ਵਾਲੇ ਨੌਜਵਾਨਾਂ ਅਤੇ ਹੋਰਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਜ਼ਿਲ੍ਹੇ ਵਿਚ ਚੱਲ ਰਹੇ ਸਰਕਾਰੀ ਨਸ਼ਾ ਛੁਡਾਓ ਕੇਂਦਰਾਂ ਵਿਚ ਲਿਆ ਕੇ ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ। ਨਸ਼ਾ ਕੇਂਦਰਾਂ ਵਿਚ ਜੇਕਰ ਕਿਸੇ ਕਿਸਮ ਦੀ ਕੋਈ ਅਣਗਹਿਲੀ ਦੇਖੀ ਗਈ ਤਾਂ ਉਸ ਦੇ ਜਿੰਮੇਵਾਰ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਉਹਨਾਂ ਕਿਹਾ ਕਿ ਤਰਨ ਤਾਰਨ ਵਿੱਚ ਕੂੜੇ ਕਰਕਟ ਲਈ ਡੰਪ ਸੰਬੰਧੀ ਆ ਰਹੀ ਸਮੱਸਿਆ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਵਿਭਾਗਾਂ ਵਿਚ ਕੰਮ ਕਰਵਾਉਣ ਸਮੇਂ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਕੰਮ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਉਸ ਸੰਬੰਧ ਵਿਚ ਤੁਰੰਤ ਉਨ੍ਹਾਂ ਨੂੰ ਸ਼ਿਕਾਇਤ ਕਰਨ, ਉਸ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਉਂਕਿ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ। ਇਹ ਸਭ ਕੁਝ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ।