Deputy Commissioner Mrs. Baldeep Kaur held a high level meeting to review the preparations for flood prevention
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ
ਸੰਭਾਵੀ ਹੜ੍ਹਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾਲ ਨਿਪਟਣ ਲਈ ਸਮੂਹ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਰੱਖਣ ਦੀ ਹਦਾਇਤ
ਤਰਨ ਤਾਰਨ, 10 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਐੱਸ. ਡੀ. ਐੱਮ. ਭਿੱਖੀਵਿੰਡ ਅਨਿਲ ਗੁਪਤਾ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਬੀ. ਐੱਸ. ਐੱਫ਼ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮੂਹ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ ਤਾਂ ਜੋ ਸੰਭਾਵੀ ਭਾਰੀ ਬਾਰਿਸ਼ਾਂ ਜਾਂ ਹੜ੍ਹਾਂ ਦੌਰਾਨ ਪ੍ਰਸ਼ਾਸਨਿਕ ਪੱਧਰ `ਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ `ਤੇ ਸਥਾਪਤ ਕੰਟਰੋਲ ਰੂਮਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੁਸਤੈਦ ਰਹਿਣ ਦੀ ਹਦਾਇਤ ਕੀਤੀ।ਉਹਨਾਂ ਸਮੂਹ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਐੱਨ. ਡੀ. ਆਰ. ਐੱਫ਼ ਦੀਆਂ ਟੀਮਾਂ ਨਾਲ ਅਗਾਂਊ ਤਾਲਮੇਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦਾ ਵਹਾਅ ਰੁਕਣਾ ਨਹੀਂ ਚਾਹੀਦਾ ਅਤੇ ਜੇਕਰ ਕਿਸੇ ਇਲਾਕੇ ਵਿੱਚ ਪਾਣੀ ਭਰਦਾ ਹੈ ਤਾਂ ਬਿਜਲੀ ਦੀ ਸਪਲਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਕਿਸੇ ਵੀ ਇਲਾਕੇ ਦਾ ਸੀਵਰੇਜ ਬੰਦ ਨਹੀਂ ਹੋਣਾ ਚਾਹੀਦਾ ਅਤੇ ਪਾਣੀ ਕੱਢਣ ਵਾਲੀ ਮਸ਼ੀਨਰੀ ਚਾਲੂ ਹਾਲਤ ਵਿੱਚ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਦਰਿਆ ਬਿਆਸ ‘ਤੇ ਸਤਲੁਜ ਦੇ ਨੀਵਾਣ ਵਾਲੇ ਖੇਤਰ ਵਿੱਚ ਡਾਫ਼ ਲੱਗਣ ਤੋਂ ਰੋਕਣ ਲਈ ਲੋੜੀਂਦੀ ਮਸ਼ੀਨਰੀ ਦਾ ਪੁਖ਼ਤਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਬੂਟੀ ਅਤੇ ਕਿਸੇ ਦਰੱਖਤ ਦੇ ਫਸਣ ਕਾਰਨ ਵਹਾਅ ‘ਚ ਵਿਘਨ ਨਾ ਪਵੇ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਮਿੱਟੀ ਵਾਲੇ ਥੈਲਿਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਨਾਲ ਨਾਲ ਦਵਾਈਆਂ, ਪਸ਼ੂਆਂ ਲਈ ਚਾਰੇ, ਲੋੜਵੰਦ ਲੋਕਾਂ ਲਈ ਰਾਸ਼ਨ, ਪੀਣਯੋਗ ਸਾਫ਼ ਪਾਣੀ ਆਦਿ ਦਾ ਅਗੇਤੇ ਤੌਰ `ਤੇ ਅਹਿਤਿਆਤ ਵਜੋਂ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ।ਉਹਨਾਂ ਕਿਹਾ ਕਿ ਦਰਿਆ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਹਾਲਤ ਵਿੱਚ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ਲਈ ਰਾਹਤ ਕੇਂਦਰ ਬਣਾਏ ਜਾਣ ਅਤੇ ਉੱਥੇ ਲੋਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੇ ਸਰੋਤਾਂ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਪਾੜ ਪੈਣ ਦੀ ਸੂਰਤ ਵਿੱਚ ਤੁਰੰਤ ਇਸਦੀ ਸੂਚਨਾ 24 ਘੰਟੇ ਕਾਰਜਸ਼ੀਲ ਰਹਿਣ ਵਾਲੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01852-224107‘ਤੇ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦਿਆਂ ਦੱਸਿਆ ਕਿ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਮੂਹ ਅਧਿਕਾਰੀਆਂ ਵੱਲੋਂ ਅਜਿਹੀ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਲੋੜੀਂਦਾ ਜ਼ਰੂਰੀ ਸਾਮਾਨ ਤਿਆਰ ਰੱਖਿਆ ਜਾਵੇ ਅਤੇ ਅਮਲੇ ਦੀਆਂ ਡਿਊਟੀਆਂ ਸਬੰਧੀ ਵੇਰਵੇ ਤਿਆਰ ਰੱਖੇ ਜਾਣ।
ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਪਾਣੀ ਭਰਦਾ ਹੈ ਤਾਂ ਆਵਾਜਾਈ ਦੇ ਅਜਿਹੇ ਸਾਧਨਾਂ ਦੀ ਵਰਤੋਂ ਕੀਤੀ ਜਾਵੇ ਜੋ ਫਸ ਕੇ ਖੁਦ ਆਵਾਜਾਈ ਵਿੱਚ ਵਿਘਨ ਬਣਨ ਦਾ ਕਾਰਨ ਨਾ ਬਣਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਬਰਸਾਤੀ ਪਾਣੀ ਨਾਲ ਸਬੰਧਤ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਅਤੇ ਸਬ-ਡਵੀਜ਼ਨ ਪੱਧਰ ‘ਤੇ ਬਣੇ ਫਲੱਡ ਕੰਟਰੋਲ ਰੂਮਾਂ ‘ਤੇ ਦਿੱਤੀ ਜਾਵੇ।
ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਸਮੇਂ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਫੋਨ ਨੰਬਰ 01852-224107 ‘ਤੇ ਹੜ੍ਹਾਂ ਸਬੰਧੀ ਸਥਿਤੀ ਦੀ ਸੂਚਨਾ ਦੇ ਸਕਦੇ ਹਨ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਟੀ ਲਈ ਫੋਨ ਨੰਬਰ 0185-245930, ਸਬ-ਡਵੀਜ਼ਨ ਖਡੂਰ ਸਾਹਿਬ ਲਈ 01859-237358, ਸਬ-ਡਵੀਜ਼ਨ ਤਰਨ ਤਾਰਨ ਲਈ ਫੋਨ ਨੰਬਰ 01852-222555 ਅਤੇ ਸਬ-ਡਵੀਜ਼ਨ ਭਿੱਖੀਵਿੰਡ ਲਈ ਮੋਬਾਇਲ ਨੰਬਰ 07696349887 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਹਨਾਂ ਕਿਹਾ ਕਿ ਇਹ ਫਲੱਡ ਕੰਟਰੋਲ ਰੂਮ 24 ਘੰਟੇ ਚਾਲੂ ਰਹਿਣਗੇ ਤਾਂ ਜੋ ਮੁਸ਼ਕਿਲ ਦੀ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੀ ਲੋੜੀਂਦੀ ਮੱਦਦ ਕੀਤੀ ਜਾ ਸਕੇ।