Careful arrangements made by the district administration to prevent the spread of diseases in the flood affected areas
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਸਿਹਤ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼
ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਲਈ ਐਡਵਾਇਜ਼ਰੀ ਜਾਰੀ
ਤਰਨ ਤਾਰਨ, 16 ਜੁਲਾਈ :
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇ।ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਪਾਣੀ ਦਾ ਪੱਧਰ ਘੱਟ ਰਿਹਾ ਹੈ, ਤਿਉਂ-ਤਿਉਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ, ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ।
ਉਨਾਂ ਦੱਸਿਆ ਕਿ ਰਾਹਤ ਕੇਂਦਰਾਂ ਵਿੱਚ ਮੈਡੀਕਲ ਟੀਮਾਂ ਵਲੋਂ ਲਗਾਤਾਰ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ 10 ਮੈਡੀਕਲ ਟੀਮਾਂ ਅਤੇ ਸਿਹਤ ਕਰਮਚਾਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਦੇ ਚੈੱਕ-ਅੱਪ ਅਤੇ ਸਿਹਤ ਸੰਭਾਲ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾ ਰਹੀਆਂ ਹਨ।
ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਪਾਣੀ ਕਿਸੇ ਸਾਫ ਤੇ ਸੁਰੱਖਿਅਤ ਸਰੋਤ ਤੋਂ ਹੀ ਪੀਵੋ। ਸਟੋਰ ਕੀਤੇ ਪਾਣੀ ਦੀ ਵਰਤੋਂ ਕਰਨ ਤੋਂ ਪਹਿਲਾਂ ਆਪਣੇ ਹੱਥ ਜ਼ਰੂਰ ਧੋਵੋ। ਭੋਜਨ ਨੂੰ ਚੰਗੀ ਤਰ੍ਹਾਂ ਪਕਾਓ ਅਤੇ ਇਸਨੂੰ ਸਹੀ ਤਾਪਮਾਨ ਤੇ ਸਟੋਰ ਕਰੋ। ਭੋਜਨ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕਰੋ।
ਉਨ੍ਹਾਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਜਰੂਰ ਹੋਵੇ, ਪਖਾਨਾ ਜਾਣ ਤੋਂ ਬਾਅਦ ਹੱਥ ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਵੋ।ਬੱਚਿਆਂ ਨੂੰ ਹੜ੍ਹ ਦੇ ਪਾਣੀ ਵਿੱਚ ਤੁਰਨ ਤੋਂ ਰੋਕੋ।ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਮੱਛਰਦਾਨੀ ਦੀ ਵਰਤੋਂ ਕਰੋ।ਇਨਫੈਕਸ਼ਨ ਦੇ ਲੱਛਣ ਸਾਹਮਣੇ ਆਉਣ `ਤੇ ਡਾਕਟਰ ਨਾਲ ਮਸ਼ਵਰਾ ਕਰੋ।