Close

District administration Taran Taran continues relief work for flood affected people-Deputy Commissioner

Publish Date : 23/08/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ-ਡਿਪਟੀ ਕਮਿਸ਼ਨਰ
ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਤੇ ਮੱਦਦ ਲਈ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰੰਬਰ 1852-224107 ‘ਤੇ ਸੰਪਰਕ ਕਰਨ ਦੀ ਅਪੀਲ
ਤਰਨ ਤਾਰਨ, 21 ਅਗਸਤ:
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜ ਸੇਵੀ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਅਤੇ ਐੱਨ. ਡੀ. ਆਰ. ਐੱਫ. ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜ ਨਿਰੰਤਰ ਜਾਰੀ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿੱਚ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਘਟਨਾ ਸ਼ੁਰੂ ਹੋ ਗਿਆ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਚਿਰ ਹਾਲਾਤ ਪਹਿਲਾਂ ਵਰਗੇ ਸੁਖਾਲੇ ਨਹੀਂ ਹੋ ਜਾਂਦੇ, ਉਨ੍ਹਾਂ ਚਿਰ ਲੋਕ ਆਪਣੇ ਸਮਾਨ ਤੇ ਪਸ਼ੂਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ‘ਤੇ ਬਣਾਏ ਗਏ 07 ਰਾਹਤ ਕੈਂਪਾਂ ਵਿੱਚ ਰਹਿਣ ਅਤੇ ਇਨ੍ਹਾਂ ਰਾਹਤ ਕੈਂਪਾਂ ਵਿੱਚ ਲੋੜੀਂਦੀਆਂ ਸੁਵਿਧਾਵਾਂ ਜਿਵੇ ਖਾਣਾ, ਦਵਾਈਆਂ, ਪੀਣ ਵਾਲਾ ਪਾਣੀ ਅਤੇ ਪਸ਼ੂਆਂ ਲਈ ਚਾਰਾ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਉਨ੍ਹਾਂ ਵੱਲੋਂ ਬਹੁਤ ਵੱਡਮੁੱਲੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੇਵਾ ਭਾਵਨਾ ਨਾਲ ਇਹ ਸੰਸਥਾਵਾਂ ਹੜ੍ਹ ਪੀੜ੍ਹਤ ਲੋਕਾਂ ਲਈ ਨਿਰਸਵਾਰਥ ਹੋ ਕੇ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵੱਲੋਂ ਲੋਕਾਂ ਲਈ ਲੰਗਰ, ਪਸ਼ੂਆਂ ਲਈ ਚਾਰਾ ਤੋਂ ਇਲਾਵਾ ਹੋਰ ਲੋੜ ਅਨੁਸਾਰ ਵਸਤੂਆਂ ਦਿੱਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਪਿੰਡ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਏ ਹਨ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਨਵਰਾਂ ਦੀ ਮੱਦਦ ਲਈ ਵੀ ਉਪਰਾਲੇ ਲਗਾਤਾਰ ਜਾਰੀ ਹਨ।ਉਹਨਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ, ਫੀਡ ਤੇ ਸਾਇਲੇਜ਼ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ ਲਈ ਉੱਚਿਤ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਹਰ ਸੰਭਵ ਮੱਦਦ ਲਈ ਦਿਨ ਰਾਤ ਕੰਮ ਕਰ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਜ਼ਿਲ੍ਹਾ ਵਾਸੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਤੇ ਮੱਦਦ ਲਈ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰੰਬਰ 1852-224107 ‘ਤੇ ਸੰਪਰਕ ਕਰਨ।