ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਆਦਿ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਦਵਾਈਆਂ ਆਦਿ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 01 ਫਰਵਰੀ :
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ੍ਹ ਭਰ ਵਿੱਚ ਆਮ ਲੋਕਾਂ ਲਈ ਮੁਫਤ ਅਲਟਰਾ ਸਾਉਂਡ, ਐਕਸ-ਰੇ ਅਤੇ ਮੁਫ਼ਤ ਦਵਾਈਆਂ ਆਦਿ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਡਾਕਟਰੀ ਇਲਾਜ ਦੀ ਮੁਫ਼ਤ ਸਹੂਲਤ ਮਿਲ ਸਕੇ।
ਇਸ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਕਮਲ ਪਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲੇ੍ਹ ਵਿੱਚ ਸਿਵਲ ਹਸਪਤਾਲ ਤਰਨ ਤਾਰਨ, ਸਬ-ਡਵੀਜ਼ਨਲ ਹਸਪਤਾਲ ਪੱਟੀ ਤੇ ਖਡੂਰ ਸਾਹਿਬ ਅਤੇ 08 ਕਮਿਊਨਿਟੀ ਹੈੱਲਥ ਸੈਂਟਰ ਹਨ, ਜਿੰਨ੍ਹਾਂ ਵਿੱਚ ਮੁਫਤ ਦਵਾਈਆਂ, ਐਕਸ-ਰੇਅ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਵਾਈਆਂ, ਐਕਸ ਰੇਅ ਦੇ ਨਾਲ-ਨਾਲ ਅਲਟਰਾ ਸਾਉਂਡ ਦੀ ਸਹੂਲਤ ਵੀ ਉਪਲੱਬਧ ਹੈ।ਇਸ ਤੋਂ ਇਲਾਵਾ ਜ਼ਿਲੇ੍ਹ ਵਿੱਚ 18 ਆਮ ਆਦਮੀ ਕਲੀਨਿਕ ਵੀ ਲੋਕਾਂ ਨੂੰ ਮੁਫ਼ਤ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ।