Deputy Commissioner Mr. Sandeep Kumar heard the problems of the people at his office
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਆਪਣੇ ਦਫ਼ਤਰ ਵਿਖੇ ਸੁਣੀਆਂ ਗਈਆਂ ਲੋਕਾਂ ਦੀਆਂ ਮੁਸ਼ਕਿਲਾਂ
ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਤੇ ਜਲਦ ਨਿਪਟਾਰੇ ਲਈ ਜਾਰੀ ਕੀਤੇ ਆਦੇਸ਼
ਤਰਨ ਤਾਰਨ, 19 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਹਨਾਂ ਸਮੱਸਿਆਵਾਂ ਦੇ ਢੁਕਵੇਂ ਤੇ ਜਲਦ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵੀਰਵਾਰ ਨੂੰ 9:30 ਵਜੇ ਤੋਂ ਲੈ ਕੇ 01:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਹੈੱਲਪ ਡੈਸਕ ਸਥਾਪਿਤ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਇਹ ਹੈੱਲਪ ਡੈਸਕ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਾਹਮਣੇ ਰਿਸ਼ੈਪਸਨ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿੱਥੇ ਦਫ਼ਤਰੀ ਸਮੇਂ ਦੌਰਾਨ ਕਰਮਚਾਰੀ ਉਪਲੱਬਧ ਹੋਵੇਗਾ ਅਤੇ ਸਰਕਾਰੀ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਗਾਈਡ ਕਰੇਗਾ ਤਾਂ ਜੋ ਉਹਨਾਂ ਨੂੰ ਸਰਕਾਰੀ ਕੰਮ ਕਰਵਾਉਣ ਵਿੱਚ ਕੋਈ ਮੁਸ਼ਕਿਲ ਨਾ ਆਵੇ।
ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਬਣਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।
ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਗੱਲ ਨੂੰ ਸੰਬੰਧਿਤ ਵਿਭਾਗਾਂ ਦੇ ਮੁਖੀ ਯਕੀਨੀ ਬਣਾਉਣਗੇ ਅਤੇ ਲੋਕਾਂ ਦੇ ਕੰਮਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।