ਬੰਦ ਕਰੋ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਂਕਾਂ ਦੇ ਬਕਾਇਆ ਕੇਸਾਂ ਸਬੰਧੀ ਰੀਵਿਊ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 24/09/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਂਕਾਂ ਦੇ ਬਕਾਇਆ ਕੇਸਾਂ ਸਬੰਧੀ ਰੀਵਿਊ ਮੀਟਿੰਗ
ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੀ ਹਦਾਇਤ
ਤਰਨ ਤਾਰਨ, 23 ਸਤੰਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ  ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਬੈਂਕਾਂ ਦੀ ਤਿਮਾਹੀ ਮੀਟਿੰਗ ਹੋਈ।
ਮੀਟਿੰਗ ਦੌਰਾਨ ਬੈਂਕਾਂ ਵਿੱਚ ਬਕਾਇਆ ਪਏ ਕਰਜ਼ੇ ਦੇ ਕੇਸਾਂ, ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਧੀਨ ਜ਼ਰੂਰਤਮੰਦ ਲੋਕਾਂ ਨੂੰ ਮਿਲੇ ਲਾਭ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਲੀਡ ਜ਼ਿਲ੍ਹਾ ਮੈਨੇਜਰ ਸ੍ਰੀ ਕੰਵਲ ਕੁਮਾਰ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ। ਉਨ੍ਹਾਂ ਡੇਅਰੀ ਅਤੇ ਖੇਤੀਬਾੜੀ ਵਿਭਾਗ ਨਾਲ ਸਬੰਧਿਤ ਸਕੀਮਾਂ ਬਾਰੇ ਵਿਚਾਰ ਚਰਚਾ ਕਰਦਿਆਂ ਯੋਗ ਪਾਏ ਜਾਣ ਵਾਲਿਆਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੰਬਿਤ ਤੇ ਪੈਂਡਿੰਗ ਪਏ ਕਰਜ਼ੇ ਦੇ ਕੇਸਾਂ ਤੇ ਲੋਕ ਭਲਾਈ ਸਕੀਮਾਂ ਦੇ ਟੀਚਿਆਂ ਨੂੰ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਬੈਂਕਿੰਗ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਪਾਏ ਜਾਂਦੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਤਹਿਤ ਕਰਜ਼ੇ ਦੀ ਸਹੂਲਤ ਉਪਲੱਬਧ ਕਰਵਾਈ ਜਾਵੇ। ਇਸ ਮੌਕੇ ਰਿਜ਼ਰਵ ਬੈਂਕ ਆੱਫ਼ ਇੰਡੀਆਂ ਤੋਂ ਸ਼੍ਰੀਮਤੀ ਗਰਿਮਾ ਜੈਨ ਅਤੇ ਨਬਾਰਡ ਡੀ. ਐੱਮ. ਐੱਮ. ਸ੍ਰੀ ਮਨਜੀਤ ਸਿੰਘ ਅਤੇ ਲਾਈਨ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਮੌਜੂਦ ਸਨ।