ਬੰਦ ਕਰੋ

ਆਲ ਇੰਡੀਆ ਰੇਡੀਓ ਜਲੰਧਰ ਰਾਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਦੀ ਜਿਲਾ ਤਰਨ ਤਾਰਨ ਦੀ ਨਿਵੇਕਲੀ ਪਹਿਲਕਦਮੀ

ਪ੍ਰਕਾਸ਼ਨ ਦੀ ਮਿਤੀ : 08/10/2024
ਆਲ ਇੰਡੀਆ ਰੇਡੀਓ ਜਲੰਧਰ ਰਾਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਦੀ ਜਿਲਾ ਤਰਨ ਤਾਰਨ ਦੀ ਨਿਵੇਕਲੀ ਪਹਿਲਕਦਮੀ-ਪੰਨੂ
ਜਿਲਾ ਤਰਨ ਤਾਰਨ ਨੂੰ ਅੱਗ ਮੁਕਤ ਕਰਨਾ ਸਾਡਾ ਮੁਢਲਾ ਫਰਜ਼-ਯਾਦਵਿੰਦਰ ਸਿੰਘ 
 
ਤਰਨਤਾਰਨ, 5 ਅਕਤੂਬਰ :
 
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਪਰਾਲੀ ਪ੍ਰਬੰਧਨ ਸਕੀਮ ਤਹਿਤ ਸੂਚਨਾ, ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ  ਗੱਲਬਾਤ ਕਰਦਿਆਂ ਕੀਤਾ । ਉਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਜਿਲੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਤਰਨ ਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਸਤੇ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਤਕਨੀਕੀ ਸਹਾਇਤਾ ਮੁਹਈਆ ਕਰਵਾਈ ਜਾਵੇਗੀ । ਡਾਕਟਰ ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਦੇ ਕਲਸਟਰ ਕੋਆਰਡੀਨੇਟਰ ਯਾਦਵਿੰਦਰ ਸਿੰਘ ਨੇ ਆਲ ਇੰਡੀਆ ਰੇਡੀਓ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕਰਨ ਵਿੱਚ ਨਿਵੇਕਲੀ ਪਹਿਲ ਕਦਮੀ ਕੀਤੀ ਜਿਸ ਨਾਲ ਅਸੀਂ ਘੱਟ ਸਮੇਂ ਵਿੱਚ ਜਿਆਦਾ ਕਿਸਾਨਾਂ ਤੱਕ ਆਪਣੀ ਆਵਾਜ਼ ਪਹੁੰਚਾ ਸਕਦੇ ਹਾਂ। 
ਆਲ ਇੰਡੀਆ ਰੇਡੀਓ ਜਲੰਧਰ ਦੇ ਕਿਸਾਨਾਂ ਦੇ ਦਿਹਾਤੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਯਾਦਵਿੰਦਰ ਸਿੰਘ ਕਲਸਟਰ ਕੋਆਰਡੀਨੇਟਰ ਵੱਲੋਂ ਪ੍ਰੋਗਰਾਮ ਦੇ ਐਂਕਰ ਰੁਲੀਆ ਰਾਮ ਹੁਣਾਂ ਨਾਲ ਪਰਾਲੀ ਪ੍ਰਬੰਧਨ ਉੱਪਰ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਦੀਆਂ ਮੁੱਖ ਪ੍ਰਸਾਰ ਗਤੀਵਿਧੀਆਂ ਵਿੱਚ ਪਿੰਡ ਅਤੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ, ਪ੍ਰਚਾਰ ਵੈਨਾਂ ਰਾਹੀਂ ਮਿਆਦੀ, ਵਾਲ ਪੇਂਟਿੰਗ, ਪਰਾਲੀ ਪ੍ਰਬੰਧਨ ਵਿਸ਼ੇ ਉੱਪਰ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ, ਸਕੂਲ ਗਤੀਵਿਧੀਆਂ ਵਿੱਚ ਭਾਸ਼ਣ, ਲੇਖ ਅਤੇ ਪੋਸਟਰ ਮੁਕਾਬਲੇ ਕਰਵਾਉਣੇ ਤਾਂ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਉੱਤੇ ਕਾਬੂ ਪਾਇਆ ਜਾ ਸਕੇ। ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂੰਏਂ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਹਨਾਂ ਨੇ ਦੱਸਿਆ ਕਿ ਜਿੰਨਾ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜਮੀਨ ਵਿੱਚ ਦਬਾਇਆ ਜਾ ਸਕਦਾ ਹੈ । ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ, ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ 3 ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ । 10 ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼,1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ।  ਯਾਦਵਿੰਦਰ ਸਿੰਘ ਕਲਸਟਰ ਅਫਸਰ ਖਡੂਰ ਸਾਹਿਬ ਨੇ ਪੰਜਾਬ ਦੇ ਸਬਜ਼ੀ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਇਸ ਨੂੰ ਜਾਂ ਬੇਲਰ ਨਾਲ ਗੰਢਾਂ ਬਣਵਾ ਕੇ ਪ੍ਰਬੰਧ ਕਰ ਲਿਆ ਜਾਵੇ ਜਾਂ ਫਿਰ ਖੇਤਾਂ ਵਿੱਚ ਹੀ ਦਬਾ ਦਿੱਤਾ ਜਾਵੇ । *ਉਹਨਾਂ ਨੇ ਦੱਸਿਆ ਕਿ ਸਾਲ 2022-23 ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ 3184 ਘਟਨਾਵਾਂ ਸਨ । ਪਰ ਇਹ ਘਟਨਾਵਾਂ ਸਾਲ 2023-24 ਵਿੱਚ 2026 ਤੱਕ ਸੀਮਤ ਰਹਿ ਗਈਆਂ  । ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ 36 ਪ੍ਰਤੀਸ਼ਤ ਕਮੀ ਦਰਜ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਇਸ ਵਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਜੀ ਦੀ ਜੋਗ ਅਗਵਾਈ ਸਦਕਾ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਪਿਛਲੇ ਸਾਲ ਦੇ ਮੁਕਾਬਲੇ 50% ਤੋਂ ਜਿਆਦਾ ਕਾਬੂ ਪਾ ਲਿਆ ਜਾਵੇਗਾ । ਉਹਨਾਂ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਕਲਸਟਰ ਕੋਆਰਡੀਨੇਟਰ ਅਤੇ ਨੋਡਲ ਅਫਸਰ ਲਗਾਤਾਰ ਪਿੰਡਾਂ ਵਿੱਚ ਗਤੀਵਿਧੀਆਂ ਕਰ ਰਹੇ ਹਨ ਤਾਂ ਕਿ ਕਿਸਾਨ ਪਰਾਲੀ ਨੂੰ ਅੱਗ ਲਾਉਣ ਨਾਲ ਹੋ ਰਹੇ ਨੁਕਸਾਨ ਤੋਂ ਸੁਚੇਤ ਹੋ ਸਕਣ। ਦਿਹਾਤੀ ਪ੍ਰੋਗਰਾਮ ਦੇ ਐਂਕਰ ਰੁਲੀਆ ਰਾਮ ਨੇ ਕਲਸਟਰ ਕੋਆਰਡੀਨੇਟਰ ਯਾਦਵਿੰਦਰ ਸਿੰਘ ਅਤੇ ਜਿਲਾ ਤਰਨ ਤਾਰਨ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਮਿੱਟੀ ਦੀ ਉਪਜਾਊ ਸ਼ਕਤੀ ਬਣਾਉਣ ਵਾਸਤੇ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਨੂੰ ਖੇਤ ਦੇ ਵਿੱਚ ਹੀ ਦਬਾਇਆ ਜਾਵੇ।