ਬੰਦ ਕਰੋ

ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਬਣਾਈ ਜਾਵੇਗੀ ਯਕੀਨੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 08/10/2024

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਬਣਾਈ ਜਾਵੇਗੀ ਯਕੀਨੀ-ਡਿਪਟੀ ਕਮਿਸ਼ਨਰ
ਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 09,27,611 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ
ਜ਼ਿਲੇ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ ਬਣਾਏ ਗਏ 60 ਖਰੀਦ ਕੇਂਦਰ
ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸਾਫ਼ ਸੁਥਰੀ ਅਤੇ ਸੁੱਕੀ ਫਸਲ ਲੈ ਕੇ ਆਉਣ ਦੀ ਕੀਤੀ ਅਪੀਲ
ਤਰਨ ਤਾਰਨ, 07 ਅਕਤੂਬਰ :
ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਅੱਜ ਦਾਣਾ ਮੰਡੀ ਫਤਿਆਬਾਦ ਵਿਖੇ ਜ਼ਿਲ੍ਹੇ ਵਿੱਚ ਝੋਨੇ ਦੀ ਰਸਮੀਂ ਖਰੀਦ ਪ੍ਰਕਿਰਿਆ ਸ਼ੁਰੂ ਕਰਵਾਉਣ ਮੌਕੇ ਕੀਤਾ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ 09,27,611 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।ਝੋਨੇ ਦੀ ਸੁਚਾਰੂ ਖਰੀਦ ਲਈ 60 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਸਰਕਾਰ ਵੱਲੋਂ 2320 ਰੁਪਏ ਪ੍ਰਤੀ ਕੁਇੰਟਲ ਐੱਮ. ਐੱਸ. ਪੀ. ਨਿਰਧਾਰਿਤ ਕੀਤੀ ਗਈ ਹੈ।ਇਹਨਾਂ ਖਰੀਦ ਕੇਂਦਰਾਂ ‘ਤੇ ਕਿਸਾਨਾਂ ਦੀ ਸਹੂਲਤ ਲਈ ਜ਼ਿਲੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਬਿਜਲੀ, ਸਾਫ ਸਫਾਈ, ਰੋਸ਼ਨੀ, ਪੀਣ ਵਾਲੇ ਸਾਫ਼ ਪਾਣੀ ਅਤੇ ਆਰਜ਼ੀ ਪੈਖਾਨੇ ਆਦਿ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇ ਅਤੇ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਮੰਡੀਆਂ ਵਿੱਚ ਸਾਫ਼-ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਜ਼ਿਲ੍ਹਾ ਮੰਡੀ ਅਫ਼ਸਰ ਤਰਨ ਤਾਰਨ ਸ੍ਰੀ ਹਰਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਸਾਉਣੀ ਸੀਜ਼ਨ 2024-25 ਦੌਰਾਨ ਝੋਨੇ ਦੀ ਖਰੀਦ ਲਈ ਜਿਲ਼੍ਹਾ ਤਰਨ ਤਾਰਨ ਵਿਖੇ 60 ਮੰਡੀਆ ਘੋਸ਼ਿਤ ਕੀਤੀਆ ਗਈਆ ਹਨ।ਜਿਲ਼੍ਹਾ ਤਰਨ ਤਾਰਨ ਦੀਆ 8 ਮੰਡੀਆ ਵਿਖੇ ਮਿਤੀ 06 ਅਕਤੂਬਰ, 2024 ਤੱਕ 36769 ਟਨ ਬਾਸਮਤੀ ਦੀ ਆਮਦ ਹੋਈ ਹੈ, ਜਿਸਦੀ ਖਰੀਦ ਅਤੇ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।
ਉਹਨਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਕਿਸਾਨਾ ਦੀ ਸਹੂਲਤ ਲਈ ਛਾਂ, ਪਾਣੀ, ਬਿਜਲੀ ਅਤੇ ਹੋਰ ਲੋੜੀਦੇ ਪ੍ਰਬੰਧ ਮੁਕੰਮਲ ਹਨ।ਇਸ ਤੋਂ ਇਲਾਵਾ ਜਿਲ਼੍ਹੇ ਦੀ ਸਮੂਹ 60 ਮੰਡੀਆ ਦੇ ਸੁੱਚਜੇ ਪ੍ਰਬੰਧ ਅਤੇ ਕਿਸਾਨਾਂ ਦੀ ਸਹੂਲਤ ਲਈ ਮਾਰਕੀਟ ਕਮੇਟੀਆਂ ਦੇ ਸਟਾਫ਼ ਦੀਆਂ ਮੰਡੀਆ ਵਿੱਚ ਡਿਊਟੀਆ ਲਗਾ ਦਿੱਤੀਆ ਗਈਆਂ ਹਨ।ਇਥੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ 17% ਤੋ ਵੱਧ ਨਮੀ ਵਾਲਾ ਝੋਨਾ ਮੰਡੀ ਵਿੱਚ ਨਾ ਲਿਆਂਦਾ ਜਾਵੇ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲਿਆਦੀ ਜਾਵੇ ਤਾਂ ਜੋ ਕਿਸਾਨ ਨੂੰ ਫਸਲ ਵੇਚਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਾ ਆਵੇ ।