Close

The awareness vans about not burning straw. S. D. M. Bhikhiwind departed with a green flag

Publish Date : 11/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ ਵੈਨਾਂ ਨੂੰ ਐੱਸ. ਡੀ. ਐੱਮ. ਭਿੱਖੀਵਿੰਡ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜਾਗਰੂਕਤਾ ਵੈਨਾਂ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ-ਸ੍ਰੀ ਗੁਰਦੇਵ ਸਿੰਘ ਧੰਮ
ਭਿੱਖੀਵਿੰਡ, (ਤਰਨ ਤਾਰਨ), 10 ਅਕਤੂਬਰ :
ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਜਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਪ੍ਰਚਾਰ ਵੈਨਾਂ ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਗੁਰਦੇਵ ਸਿੰਘ ਧੰਮ ਵੱਲੋਂ ਹਰੀ ਝੰਡੀ ਦੇ ਕੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਸ੍ਰੀ ਗੁਰਦੇਵ ਸਿੰਘ ਧਾਮ ਨੇ ਦੱਸਿਆ ਕਿ ਪ੍ਰਚਾਰ ਲਈ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਇਨ੍ਹਾਂ ਵੈਨਾਂ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ, ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਦੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ।
ਇਸ ਮੌਕੇ ਉਹਨਾਂ ਨਾਲ ਮੌਜੂਦ ਨਾਇਬ ਤਹਸੀਲਦਾਰ ਰਾਜ ਪ੍ਰਿਤਪਾਲ ਸਿੰਘ ਅਤੇ ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਖੇਮਕਰਨ ਨੇ ਕਿਸਾਨਾਂ ਨੂੰ ਮੀਡੀਆ ਦੇ ਮਾਧਿਅਮ ਰਾਹੀਂ ਅਪੀਲ ਕੀਤੀ ਕਿ ਸਮੁੱਚੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਗੋਂ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁੱਚਜੀ ਸਾਂਭ-ਸੰਭਾਲ ਕੀਤੀ ਜਾਵੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ । ਉਨ੍ਹਾਂ ਦੱਸਿਆ ਕਿ ਹੁਣ ਤਾਂ ਕਿਸਾਨਾਂ ਦੀ ਸਹੂਲਤ ਲਈ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਹਨ, ਜਿਨ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਜ਼ਰੂਰਤ ਹੀ ਨਹੀਂ ਹੁੰਦੀ, ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਸਿੱਧੇ ਹੀ ਕਣਕ ਦੀ ਬਿਜਾਈ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਇਲਾਵਾ ਇਹ ਵੈਨਾਂ ਮੰਡੀਆਂ ਵਿੱਚ ਵੀ ਜਾ ਕੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੀਆਂ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।
ਇਸ ਮੌਕੇ ਬਲਾਕ ਆਫਿਸ ਐਗਰੀਕਲਚਰ ਤੇਜਬੀਰ ਸਿੰਘ ਅਤੇ ਸੁਪਰਡੈਂਟ ਅਨਿਲ ਕੁਮਾਰ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਪਰਾਲੀ ਨੂੰ ਸਾੜਨ ਵਿਰੁੱਧ ਹੋਕਾ ਦਿੰਦੀਆਂ ਸਬ ਡਿਵੀਜ਼ਨ ਭਿੱਖੀਵਿੰਡ ਦੇ ਸਾਰੇ ਪਿੰਡਾਂ ਦਾ ਸਫਰ ਤੈਅ ਕਰਨਗੀਆਂ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਕਿਸਾਨ ਵੀਰ ਪਰਾਲੀ ਸਾੜਨ ਦੇ ਨੁਕਸਾਨਾਂ ਨੂੰ ਦੇਖਦੇ ਹੋਏ ਪਰਾਲੀ ਨਹੀਂ ਸਾੜਨਗੇ। ਇਨ੍ਹਾਂ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਵੱਖ-ਵੱਖ ਤਰੀਕਿਆਂ ਨਾਲ ਪ੍ਰਬੰਧਨ ਕਰਨ ਸਬੰਧੀ ਸਾਹਿਤ ਵੀ ਵੰਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਨਾਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਵੀ ਲੋਕਾਂ ਨੂੰ ਪਰਾਲੀ ਸਾੜਨ ਤੋਂ ਬਾਅਦ ਹੋਣ ਵਾਲੇ ਨੁਕਸਾਨਾਂ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।