So far 2,38,261 metric tonnes of paddy has been procured by various agencies.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ
ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 2,38,261 ਮੀਟ੍ਰਿਕ ਟਨ ਝੋਨੇ ਦੀ ਖਰੀਦ
ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 316 ਕਰੋੜ 36 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 21 ਅਕਤੂਬਰ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 2,51,579 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 2,38,261 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 21 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 90,769 ਮੀਟਰਿਕ ਟਨ, ਮਾਰਕਫੈੱਡ ਵੱਲੋਂ 66,662 ਮੀਟਰਿਕ ਟਨ, ਪਨਸਪ ਵੱਲੋਂ 50,043 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 27,012 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 775 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 316 ਕਰੋੜ 36 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਅੱਜ ਤੱਕ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 42274 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।