ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ-ਜ਼ਿਲਾ ਚੋਣ ਅਫ਼ਸਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ-ਜ਼ਿਲਾ ਚੋਣ ਅਫ਼ਸਰ
ਡਿਪਟੀ ਕਮਿਸ਼ਨਰ ਸੀ੍ ਰਾਹੁਲ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
ਪਹਿਲੀ ਵਾਰ ਰਜਿਸਟਰਡ ਹੋਏ ਨੌਜਵਾਨ ਵੋਟਰਾਂ ਨੂੰ ਵੰਡੇ ਗਏ ਐਪਿਕ ਕਾਰਡ
ਤਰਨ ਤਾਰਨ, 25 ਜਨਵਰੀ :
ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾ ਤਹਿਤ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਅੱਜ ਸੀ੍ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸੀ੍ ਰਾਹੁਲ ਨੇ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ।
ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸੀ੍ ਰਾਹੁਲ ਨੇ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਾਉਣਾ ਅਤੇ ਮਤਦਾਨ ਲਈ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਦੇਸ਼ ਦਾ ਹਰ ਨੌਜਵਾਨ ਚੋਣ ਪ੍ਰਕ੍ਰਿਆ ਦਾ ਹਿੱਸਾ ਬਣ ਸਕੇ।
ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਆਪਣੀ ਉਮਰ ਦੀ ਯੋਗਤਾ ਦੇ ਆਧਾਰ ’ਤੇ ਵੋਟਰ ਦੇ ਤੌਰ ’ਤੇ ਰਜਿਸਟਰਡ ਹੋਵੇ ਅਤੇ ਵੱਧ ਤੋਂ ਲੋਕਾਂ ਨੂੰ ਚੋਣਾਂ ਵਿੱਚ ਭਾਈਵਾਲ ਬਣਾਵੇ ਤਾਂ ਜੋ ਮਤਦਾਨ ਪ੍ਰਤੀਸ਼ਤਤਾ ਨੂੰ ਵਧਾਇਆ ਜਾ ਸਕੇ।
ਸੀ੍ ਰਾਹੁਲ ਨੇ ਵੋਟ ਦੇ ਅਧਿਕਾਰ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਲੋਕਾਂ, ਖਾਸ ਕਰ ਨੌਜਵਾਨਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਆਪਣਾ ਫਰਜ਼ ਸਮਝਦੇ ਹੋਏ, ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੀ੍ ਰਾਹੁਲ ਨੇ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਸੋਚ ਸਮਝ ਕੇ ਕਰਨ।
ਡਿਪਟੀ ਕਮਿਸ਼ਨਰ ਨੇ ਹਾਜ਼ਰ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਨੈਤਿਕ ਮਤਦਾਨ ਦਾ ਪ੍ਰਣ ਵੀ ਕਰਵਾਇਆ। ਉਨ੍ਹਾਂ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਐਪਿਕ ਕਾਰਡਾਂ ਦੀ ਵੰਡ ਵੀ ਕੀਤੀ।
ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਕਰਵਾਏ ਭਾਸ਼ਣ, ਪੇਂਟਿੰਗ ਅਤੇ ਪੋਸਟਰ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।