A special meeting was held by the Deputy Commissioner with the officials of all the departments to take stock of the ongoing development works in the district

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 10 ਫਰਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਡਾ. ਕਰਮਬੀਰ ਸਿੰਘ ਪੀ. ਸੀ. ਐੱਸ. ਐਕਸਟਰਾ ਅਸਿਸਟੈਂਟ ਕਮਿਸ਼ਨਰ (ਅੰਡਰ ਟਰੇਨਿੰਗ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਐਕਸੀਅਨ ਪੀ. ਡਬਲਯੂ. ਡੀ. ਸ੍ਰ ਿਇੰਦਰਜੀਤ ਸਿੰਘ ਅਤੇ ਸਮੂਹ ਬੀ. ਡੀ. ਪੀ. ਓਜ਼ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂ ਅਤੇ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ।
ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਭੇਜੇ ਜਾਣ ਤਾਂ ਜੋ ਇਸ ਦੀ ਰਿਪੋਰਟ ਸਮੇਂ ਸਿਰ ਸਰਕਾਰ ਨੂੰ ਭੇਜੀ ਜਾ ਸਕੇ।ਉਨ੍ਹਾਂ ਸਮੂਹ ਬੀ. ਡੀ. ਪੀ. ਓਜ਼ ਤੋਂ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਪ੍ਰਾਪਤ ਗ੍ਰਾਂਟਾਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ।ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ `ਚ ਤੇਜ਼ੀ ਲਿਆਉਣਾ ਹੈ।