Close

Sarpanch, Numdar and Councilor will verify the applications online – Deputy Commissioner

Publish Date : 06/03/2025
dc

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ-ਡਿਪਟੀ ਕਮਿਸ਼ਨਰ
ਤਰਨ ਤਾਰਨ , 05 ਮਾਰਚ :
ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ. ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐੱਸ. ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ. ਸੀਜ਼ ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ. ਸੀ., ਬੀ. ਸੀ./ਓ. ਬੀ. ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ. ਡਬਲਿਊ. ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ. ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ. ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ. ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਤੋਂ ਬੋਝ ਘਟੇਗਾ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐਮ. ਸੀਜ਼ ਤੋਂ ਦਸਤਖਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ।