ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 26 ਅਪ੍ਰੈਲ ਨੂੰ ਕੀਤਾ ਜਾਵੇਗਾ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 26 ਅਪ੍ਰੈਲ ਨੂੰ ਕੀਤਾ ਜਾਵੇਗਾ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ-ਡਿਪਟੀ ਕਮਿਸ਼ਨਰ
ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਕਰਨਗੇ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ
ਰੈਲੀ ਵਿੱਚ ਸਕੂਲੀ ਵਿਦਿਆਰਥੀ, ਖਿਡਾਰੀ ਅਤੇ ਸਮਾਜ ਦੇ ਹਰ ਵਰਗ ਨਾਲ ਸਬੰਧਿਤ ਵਿਅਕਤੀ ਹੋਣਗੇ ਸ਼ਾਮਿਲ
ਤਰਨ ਤਾਰਨ, 24 ਅਪ੍ਰੈਲ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 26 ਅਪ੍ਰੈਲ ਨੂੰ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਵਿਰੁੱਧ ਵਿੱਢੀ ਗਈ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇੱਕ ਵਿਸ਼ੇਸ ਉਪਰਾਲਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਸ਼ਾਲ ਜਾਗਰੂਕਤਾ ਰੈਲੀ 26 ਅਪ੍ਰੈਲ, 2025 ਨੂੰ ਸਵੇਰੇ 07 ਵਜੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਤਰਨ ਤਾਰਨ ਤੋਂ ਸ਼ੁਰੂ ਹੋ ਕੇ ਜੰਡਿਆਲਾ ਰੋਡ ਤੋਂ ਹੁੰਦੀ ਹੋਈ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਪਹੁੰਚੇਗੀ। ਇੱਥੇ ਸਮੂਹ ਵਿਦਿਆਰੀਆਂ ਅਤੇ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਨਸ਼ਿਆਂ ਵਿਰੁੱਧ ਪ੍ਰਣ ਦਿਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਕਰਨਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ, ਖਿਡਾਰੀ ਅਤੇ ਸਮਾਜ ਦੇ ਹਰ ਵਰਗ ਨਾਲ ਸਬੰਧਿਤ ਵਿਅਕਤੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ 26 ਅਪ੍ਰੈਲ ਨੂੰ ਸਵੇਰੇ 07:00 ਵਜੇ ਇਸ ਵਿਸ਼ਾਲ ਜਾਗਰੂਕਤਾ ਰੈਲੀ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਵਿੱਚ ਆਪਣਾ ਹਿੱਸਾ ਪਾਉਣ ਅਤੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਇਸ ਮੁਹਿੰਮ ਨੂੰ ਕਾਮਯਾਬ ਕਰਨ।
ਇਸ ਵਿਸ਼ਾਲ ਜਾਗਰੂਕਤਾ ਰੈਲੀ ਨੂੰ ਕਾਮਯਾਬ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਜਦੀਪ ਸਿੰਘ ਬਰਾੜ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਂਦੇ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।