ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਨਹਿਰੀ ਖਾਲ੍ਹਾ ਨੂੰ ਪੱਕੇ ਕਰਨ ਦੇ ਕੰਮ ਦਾ ਕੀਤਾ ਨਿਰੀਖਣ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਨਹਿਰੀ ਖਾਲ੍ਹਾ ਨੂੰ ਪੱਕੇ ਕਰਨ ਦੇ ਕੰਮ ਦਾ ਕੀਤਾ ਨਿਰੀਖਣ
ਤਰਨ ਤਾਰਨ, 02 ਜੂਨ:
ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਵੱਲੋਂ ਅੱਜ ਹਲਕਾ ਪੱਟੀ ਦੇ ਪਿੰਡ ਲੋਹੁਕਾ ਅਤੇ ਚੂਸਲੇਵੜ੍ਹ ਵਿਖੇ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਨਿਰੀਖਣ ਕੀਤਾ ਗਿਆ। ਇਸ ਮੌਕੇ ਐਕਸੀਅਨ ਲਾਲ ਅਮਰ ਇਕਬਾਲ ਸਿੰਘ ਤੋਂ ਇਲਾਵਾ ਨਹਿਰੀ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗਭੱਗ 10 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਖਾਲਿਆਂ ਨੂੰ ਪੱਕਿਆਂ ਕਰਨ ਦਾ ਕੰਮ ਕੀਤਾ ਜਾ ਰਿਹਾ ਤਾਂ ਜੋ ਨਹਿਰੀ ਪਾਣੀ ਹਰ ਇੱਕ ਕਿਸਾਨ ਦੇ ਖੇਤ ਤੱਕ ਪਹੁੰਚਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਲਈ ਪਾਣੀ ਨਿਰਵਿਘਨ ਮੁਹੱਈਆ ਹੋ ਸਕੇ।
ਉਹਨਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇੇ ਵੱਖ-ਵੱਖ ਪਿੰਡਾਂ ਵਿੱਚ ਖੇਤਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਲਈ ਲੱਗਭੱਗ 45 ਕਿਲੋਮੀਟਰ ਖਾਲ੍ਹਾ ਨੂੰ ਪੱਕੇ ਕੀਤਾ ਜਾ ਰਿਹਾ ਹੈ, ਜਿਸ ਨਾਲ 1964 ਹੈਕਟੇਅਰ ਰਕਬਾ ਨੂੰ ਨਹਿਰੀ ਪਾਣੀ ਉਪਲੱਬਧ ਹੋਵੇਗਾ।
ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸੁਪਨੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਵਿਧਾਨ ਸਭਾ ਹਲਕਾ ਪੱਟੀ ਵਿੱਚ ਨਹਿਰੀ ਖਾਲਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।