ਬੰਦ ਕਰੋ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 05/06/2025

ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਡਰੇਨੇਜ਼ ਵਿਭਾਗ ਨੂੰ ਧੁੱਸੀ ਬੰਨ ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ‘ਤੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਤਰਨ ਤਾਰਨ, 03 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਾਲ ਬਰਸਾਤਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਐੱਸ. ਡੀ. ਐੱਮ. ਪੱਟੀ ਡਾ. ਕਰਨਬੀਰ ਸਿੰਘ (ਵਾਧੂ ਚਾਰਜ), ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਭਿਨਵ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੰਭਾਵੀਂ ਹੜ੍ਹਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਮੁੱਠਿਆਂਵਾਲਾ, ਰਾਮ ਸਿੰਘ ਵਾਲਾ, ਰਾਦਲਕੇ, ਤੂੁਤ, ਭੰਗਾਲਾ, ਕੁੱਤੀਵਾਲ, ਘੜੁੰਮ ਅਤੇ ਸਭਰਾ ਆਦਿ ਵਿਖੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਵੀ ਕਰਵਾਈ ਜਾ ਰਹੀ ਹੈ।ਜ਼ਿਲ੍ਹੇ ਦੀਆਂ ਡਰੇਨਾਂ ਦੀ ਲੱਗਭੱਗ 145 ਕਿਲੋਮੀਟਰ ਤੱਕ ਸਫ਼ਾਈ ਕਰਵਾਈ ਜਾਵੇਗੀ।ਉਹਨਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ‘ਤੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫ਼ਾਈ ਨੂੰ ਵੀ 30 ਜੂਨ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।