ਬੰਦ ਕਰੋ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਗਭਗ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ-ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ

ਪ੍ਰਕਾਸ਼ਨ ਦੀ ਮਿਤੀ : 04/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਗਭਗ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ-ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ

ਤਰਨ ਤਾਰਨ, 03 ਜੁਲਾਈ:

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ 245 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ।

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਲਗਭਗ 2 ਲੱਖ 70 ਹਜ਼ਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਰਕ ਸਕਾਲਰਸ਼ਿੱਪ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਲਿਜਾਣ ਵਿੱਚ ਸਹਾਈ ਸਿੱਧ ਹੋਵੇਗਾ।

ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਕਿਹਾ ਕਿ ਪਿੱਛਲੇ ਵਿੱਤੀ ਸਾਲ ਦੌਰਾਨ ਵੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿੱਪ ਸਕੀਮ ਅਧੀਨ 2 ਲੱਖ 36 ਹਜ਼ਾਰ 575 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਸੀ ਅਤੇ ਰਾਜ ਸਰਕਾਰ ਦੇ ਹਿੱਸੇ ਵੱਜੋ 266.57 ਕਰੋੜ ਰੁਪਏ ਦੀ ਰਾਸ਼ੀ ਅਦਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਪਾਸੋਂ ਆਨ-ਲਾਈਨ ਐਪਲੀਕੇਸ਼ਨਾਂ ਪ੍ਰਾਪਤ ਕਰਨ ਲਈ ਜਲਦ ਹੀ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਕੀਮ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਯੋਗ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਰਕ ਸਕਾਲਰਸ਼ਿੱਪ ਅਧੀਨ ਲਾਭ ਦੇ ਕੇ ਯਤਨ ਕਰ ਰਹੀ ਹੈ, ਕਿ ਇਹ ਬੱਚੇ ਪੜ੍ਹ-ਲਿਖ ਕੇ ਆਤਮ-ਨਿਰਭਰ ਹੋ ਜਾਣ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਵਿਦਿਆਰਥੀਆਂ ਨੂੰ ਕੇਵਲ ਆਰਥਿਕ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਉੱਜ਼ਵਲ ਬਣਾਉਣ ਦਾ ਇੱਕ ਮਜ਼ਬੂਤ ਪਲੇਟਫਾਰਮ ਹੈ।