Close

A month long awareness campaign under “Mission Fateh” would be effectively run in the district: Deputy Commissioner

Publish Date : 03/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਹਿ” ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ-ਡਿਪਟੀ ਕਮਿਸ਼ਨਰ
ਲੋਕਾਂ ਨੂੰ ਜਾਗਰੂਕ ਅਤੇ ਸੁਰੱਖਿਅਤ ਰਹਿਣ ਲਈ ਕੀਤਾ ਜਾਵੇਗਾ ਪ੍ਰੇਰਿਤ
ਤਰਨ ਤਾਰਨ, 3 ਜੂਨ :
ਕੋਵਿਡ ਖ਼ਿਲਾਫ਼ ਜੰਗ ਨੂੰ ਰਾਜ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੇ ਗਏ ‘ਮਿਸ਼ਨ ਫਤਹਿ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ ਤਾਂ ਜੋ ਇਸ ਮਹਾਂਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ “ਮਿਸ਼ਨ ਫਤਿਹ” ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਵੱਖ-ਵੱਖ ਐਨ. ਜੀ. ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ। ਉਹਨਾਂ ਕਿਹਾ ਕਿ ਸਮੂਹ ਵਿਭਾਗ ਇਕੱਠੇ ਹੋ ਕੇ ਇੱਕ ਸਕਾਰਾਤਮਕ ਮਾਹੌਲ ਸਿਰਜਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਅੱਗੇ ਵਧਣ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਵਿੱਚ ਮੱਦਦ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ।
ਉਹਨਾਂ ਕਿਹਾ ਕਿ ਧਿਆਨ ਕੇਂਦਰਿਤ ਕਰਨ ਵਾਲੇ ਹੋਰ ਖੇਤਰਾਂ ਵਿੱਚ ਘਰੇਲੂ ਇਕਾਂਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਲੌਕਡਾਉਨ 5.0 ਦੌਰਾਨ ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿੱਚ ਜੁਰਮਾਨੇ, ਮਹਾਂਮਾਰੀ ਵਿਰੁੱਧ ਮਿਲ ਕੇ ਲੜਨ ਲਈ ਸਮਾਜ ਦੀ ਲਾਮਬੰਦੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।
ਇਸ ਮੁਹਿੰਮ ਦੌਰਾਨ ਲੋਕਾਂ ਨੂੰ ਉਦਾਹਰਨ ਦੇ ਕੇ ਅਗਵਾਈ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਇਸ ਮੁਹਿੰਮ ਵਿੱਚ ਸਰਕਾਰ ਅਤੇ ਲੋਕਾਂ ਵਿਚਾਲੇ ਇਕ ਕੜੀ ਵਜੋਂ ਅਹਿਮ ਭੂਮਿਕਾ ਨਿਭਾਏਗਾ ਅਤੇ ਲੋਕਾਂ ਨੂੰ ਜਾਗਰੂਕ ਅਤੇ ਸੁਰੱਖਿਅਤ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ।
————–