Close

A special camp-deputy commissioner will be appointed in the district on January 15 to register pending transfers

Publish Date : 15/01/2024
1
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
 
ਲੰਬਿਤ ਪਏ ਇੰਤਕਾਲ ਦਰਜ ਕਰਨ ਲਈ 15 ਜਨਵਰੀ ਨੂੰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ
 
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
 
ਤਰਨ ਤਾਰਨ, 14 ਜਨਵਰੀ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਪਿਛਲੇ ਹਫ਼ਤੇ ਚਲਾਈ ਮੁਹਿੰਮ ਨੂੰ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਵਿਸ਼ੇਸ਼ ਮੁਹਿੰਮ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। 
ਉਨ੍ਹਾਂ ਨੇ ਲੋਕਾਂ ਨੂੰ ਇਸ ਦੂਸਰੇ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ਉਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਜਾਰੀ ਹੈਲਪਲਾਈਨ ਨੰਬਰ 8184900002 ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।