A special meeting was held by the Deputy Commissioner with the concerned officials and representatives of procurement agencies to review the procurement process of paddy.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ
ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 1,60,546 ਮੀਟਰਿਕ ਟਨ ਝੋਨੇ ਵਿੱਚੋਂ 1,44,724 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਖਰੀਦ ਕੀਤੇ ਗਏ ਝੋਨੇ ਦੀ ਕੀਤੀ ਗਈ 84.97 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 10 ਅਕਤੂਬਰ:
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਦਿਤਿਆ ਗੁਪਤਾ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪਵਨ ਕੁਮਾਰ ਸ਼ਰਮਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਦੱਸਿਆ ਕਿ 09 ਅਕਤੂਬਰ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ 1,60,546 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 1,44,724 ਮੀਟਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸੁਚਾਰੂ ਖਰੀਦ ਕਰਨ ਲਈ 60 ਖਰੀਦ ਕੇਂਦਰ ਬਣਾਏ ਗਏ ਹਨ, ਇਸ ਤੋਂ ਇਲਾਵਾ 20 ਆਰਜ਼ੀ ਖਰੀਦ ਕੇਂਦਰ ਵੀ ਬਣਾਏ ਗਏ ਹਨ ।
ਉਹਨਾਂ ਦੱਸਿਆ ਕਿ 09 ਅਕਤੂਬਰ ਤੱਕ ਪਨਗਰੇਨ ਵੱਲੋਂ 60413 ਮੀਟਰਿਕ ਟਨ, ਮਾਰਕਫੈੱਡ ਵੱਲੋਂ 35187 ਮੀਟਰਿਕ ਟਨ, ਪਨਸਪ ਵੱਲੋਂ 29006 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 15292 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 2005 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 09 ਅਕਤੂਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 84.97 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।