According to the instructions of the Deputy Commissioner, all the district officials are visiting the flood affected villages
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਜ਼ਿਲ੍ਹਾ ਅਧਿਕਾਰੀ ਕਰ ਰਹੇ ਹਨ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਵੰਡੀ ਜਾ ਰਹੀ ਹੈ ਰਾਹਤ ਸਮੱਗਰੀ
ਤਰਨ ਤਾਰਨ, 21 ਅਗਸਤ
ਜਿ਼ਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ, ਜਿੱਥੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ, ਉੱਥੇ ਸਮੂਹ ਜ਼ਿਲ੍ਹਾ ਅਧਿਕਾਰੀ ਵੀ ਲਗਾਤਾਰ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕਰ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਨੇ ਅੱਜ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਣਾਏ ਗਏ ਰਾਹਤ ਕੇਂਦਰਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਜੋ ਲੋਕ ਰਾਹਤ ਕੈਂਪਾਂ ਵਿਚ ਰਹਿ ਰਹੇ ਹਨ, ਉਨ੍ਹਾਂ ਨੂੰ ਖਾਣਾ, ਪੀਣ ਵਾਲਾ ਸਾਫ਼ ਪਾਣੀ ਅਤੇ ਲੋੜੀਂਦੀਆਂ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਸ਼ੂਆਂ ਲਈ ਬਣਾਏ ਗਏ 02 ਰਾਹਤ ਕੇਂਦਰਾਂ ਵਿੱਚ ਜਾਨਵਰਾਂ ਲਈ ਸਾਇਲੇਜ਼ ਤੇ ਕੈਟਲ ਫੀਡ ਭੇਜੀ ਗਈ ਅਤੇ ਤਰਪਾਲਾਂ ਆਦਿ ਦੀ ਵੰਡ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲੋੜ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਗਨਰੇਗਾ ਮਜ਼ਦੂਰਾਂ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਿੱਟੀ ਦੇ ਬੋਰੇ ਭਰੇ ਜਾ ਰਹੇ ਹਨ।