Close

An awareness seminar was held at ITI Kad Gill on not burning crop residues – Pannu

Publish Date : 21/01/2025

ਆਈ ਟੀ ਆਈ ਕੱਦ ਗਿੱਲ ਵਿਖੇ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ -ਪੰਨੂ
👉 ਫਸਲੀ ਰਹਿੰਦ ਖੂੰਹਦ/ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ -ਯਾਦਵਿੰਦਰ ਸਿੰਘ

ਤਰਨਤਾਰਨ, 21 ਜਨਵਰੀ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ ਖੂੰਹਦ /ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਆਈ ਟੀ ਆਈ ਕੱਦ ਗਿੱਲ ਵਿਖੇ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਹ ਸੈਮੀਨਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂੰ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਵੱਲੋਂ ਲਗਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਸੁਪਰਡੈਂਟ ਰਘਬੀਰ ਸਿੰਘ ਨੇ ਕੀਤੀ ਉਨਾਂ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਆਖਿਆ ਜਿਲਾ ਉਦਯੋਗਿਕ ਸਿਖਲਾਈ ਸੰਸਥਾ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਯਾਦਵਿੰਦਰ ਸਿੰਘ ਦੱਸਿਆ ਕਿ ਫਸਲੀ ਰਹਿੰਦ ਖੂੰਹਦ/ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂਏ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਜਿੰਨਾ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜਮੀਨ ਵਿੱਚ ਦਬਾਇਆ ਜਾ ਸਕਦਾ ਹੈ । ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ ,ਫਾਸਫੋਰਸ ,ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ ਤਿੰਨ ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ । ਦਸ ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼,1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਇਸ ਮੌਕੇ ਯਾਦਵਿੰਦਰ ਸਿੰਘ ਨੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੇ ਨਾਲ ਨਾਲ ਮੂਲ ਅਨਾਜਾਂ ਸਬੰਧੀ ਵਿਸਥਾਰ ਪੂਰਵਕ ਦੱਸਿਆ ਉਨਾਂ ਨੇ ਦੱਸਿਆ ਕਿ ਮੂਲ ਅਨਾਜਾਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਇਸ ਤਰ੍ਹਾਂ ਕਰਨ ਦੇ ਨਾਲ ਸਿਹਤ ਤੰਦਰੁਸਤ ਰਹਿੰਦੀ ਹੈ ਅਤੇ ਬਿਮਾਰੀਆਂ ਨਹੀਂ ਲੱਗਦੀਆਂ । ਅਖੀਰ ਵਿੱਚ ਆਈ ਟੀ ਆਈ ਦੇ ਇੰਚਾਰਜ ਮੈਡਮ ਸ੍ਰੀਮਤੀ ਨੀਰੂ ਬਾਲਾ ਨੇ ਮੁੱਖ ਮਹਿਮਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ । ਇਸ ਮੌਕੇ ਤੇ ਸ਼੍ਰੀਮਤੀ ਨੀਰੂ ਬਾਲਾ ਇੰਚਾਰਜ, ਰਘਬੀਰ ਸਿੰਘ ਸੁਪਰਡੈਂਟ, ਸ਼੍ਰੀਮਤੀ ਆਰਤੀ, ਸ਼੍ਰੀਮਤੀ ਸਿਮਰਨਜੀਤ ਕੌਰ, ਸ਼੍ਰੀਮਤੀ ਅਮਨਦੀਪ ਕੌਰ ,ਸ਼੍ਰੀਮਤੀ ਮਨਪ੍ਰੀਤ ਕੌਰ ਡਰੈੱਸ ਮੇਕਿੰਗ, ਸ਼੍ਰੀਮਤੀ ਮਨਪ੍ਰੀਤ ਕੌਰ ਐਸ ਓ ਟੀ ਅਤੇ ਪ੍ਰਗਟ ਸਿੰਘ ਸਮਾਜ ਸੇਵੀ ਹਾਜ਼ਰ ਸਨ ।